ਲਾਲਜੀਤ ਸਿੰਘ ਭੁੱਲਰ ਦਾ ਵੱਡਾ ਐਲਾਨ, ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ - Punjab Nation TV

ਲਾਲਜੀਤ ਸਿੰਘ ਭੁੱਲਰ ਦਾ ਵੱਡਾ ਐਲਾਨ, ਆਗਾਮੀ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਭੁੱਲਰ ਨੇ ਕਿਹਾ ਕਿ ਪੱਟੀ ਹਲਕੇ ਦੇ ਲੋਕ ਲਗਾਤਾਰ ਆਪ ਦੀ ਲੀਡਰਸ਼ਿਪ ਨੂੰ ਉਨ੍ਹਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਨ ਦੀ ਅਪੀਲ ਕਰ ਰਹੇ ਸਨ। ਉਨ੍ਹਾਂ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਪੱਟੀ ਦੇ ਵਸਨੀਕਾਂ ਦੇ ਇਸ ਸਾਥ ਲਈ ਹਮੇਸ਼ਾ ਧੰਨਵਾਦੀ ਰਹਿਣਗੇ।

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਹਾਲ ਹੀ ਵਿੱਚ ਜਸਕੰਵਰ ਸਿੰਘ ਉਰਫ਼ ਜੱਸਾ ਪੱਟੀ ਨੂੰ ਪੱਟੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ। ਜੱਸਾ ਪੱਟੀ ਸਾਬਕਾ ਪਹਿਲਵਾਨ ਹਨ ਅਤੇ ਉਨ੍ਹਾਂ ਦੀ ਸਿਆਸੀ ਪਾਰੀ ਕਈ ਚੁਣੌਤੀਆਂ ਨਾਲ ਘਿਰੀ ਰਹੀ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਬਦਲੇ ਸਿਆਸੀ ਸਮੀਕਰਨ

ਪੱਟੀ ਹਲਕੇ ਵਿੱਚ ਜੱਸਾ ਪੱਟੀ ਦੀ ਨਿਯੁਕਤੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਗਈ ਸੀ। ਭੁੱਲਰ ਇਸ ਸਮੇਂ ਅੰਮ੍ਰਿਤਸਰ ਵਿੱਚ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ।

ਜਾਣਕਾਰੀ ਅਨੁਸਾਰ, 21 ਮਾਰਚ 2026 ਨੂੰ ਗਗਨਦੀਪ ਸਿੰਘ ਰੰਧਾਵਾ ਦੀ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ ਸੀ। ਮੌਤ ਤੋਂ ਪਹਿਲਾਂ ਰੰਧਾਵਾ ਵੱਲੋਂ ਇੱਕ ਵੀਡੀਓ ਸੰਦੇਸ਼ ਰਿਕਾਰਡ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਵੇਅਰਹਾਊਸ ਦੀ ਉਸਾਰੀ ਨਾਲ ਸਬੰਧਤ ਟੈਂਡਰਾਂ ਦੀ ਅਲਾਟਮੈਂਟ ਨੂੰ ਲੈ ਕੇ ਲਾਲਜੀਤ ਸਿੰਘ ਭੁੱਲਰ ’ਤੇ ਦਬਾਅ ਪਾਉਣ ਅਤੇ ਤੰਗ-ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ।

ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਤਤਕਾਲੀ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਸਤੀਫ਼ਾ ਦੇਣ ਲਈ ਕਿਹਾ ਸੀ। ਭੁੱਲਰ ਨੇ ਉਸੇ ਦਿਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਇਸ ਤੋਂ ਬਾਅਦ ਅੰਮ੍ਰਿਤਸਰ ਪੁਲੀਸ ਨੇ ਰੰਧਾਵਾ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਅਤੇ ਨਿੱਜੀ ਸਹਾਇਕ ਦਿਲਬਾਗ ਸਿੰਘ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ, ਅਪਰਾਧਿਕ ਧਮਕੀਆਂ ਦੇਣ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।

ਪੁਲੀਸ ਨੇ ਇਸ ਮਾਮਲੇ ਵਿੱਚ 23 ਮਾਰਚ ਨੂੰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।

ਹੁਣ ਭੁੱਲਰ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਐਲਾਨ ਨੂੰ ਪੱਟੀ ਹਲਕੇ ਵਿੱਚ ਬਦਲ ਰਹੇ ਸਿਆਸੀ ਸਮੀਕਰਨਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।