ਲੁਧਿਆਣਾ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ‘ਜਸ਼ਨ-ਏ-ਇਨਕਲਾਬ’ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਭਰ ਤੋਂ 1 ਲੱਖ ਤੋਂ ਵੱਧ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲੈ ਕੇ ਜਾਣਾ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਵਿਚਾਰ ਅੱਜ ਵੀ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਹਨ।
‘ਜਸ਼ਨ-ਏ-ਇਨਕਲਾਬ’ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਗਿਆ। ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਮੌਜੂਦਗੀ ਨੇ ਸਮਾਗਮ ਨੂੰ ਖਾਸ ਬਣਾਇਆ।
CM ਭਗਵੰਤ ਮਾਨ ਨੇ ਕਿਹਾ ਕਿ ਜਦੋਂ ਜਨਤਾ ਨਾਲ ਖੜ੍ਹਦੀ ਹੈ ਤਾਂ ਬਦਲਾਅ ਇਤਿਹਾਸ ਬਣ ਜਾਂਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਤਰੱਕੀ ਅਤੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਅੱਗੇ ਵਧਣ ਦਾ ਸੱਦਾ ਦਿੱਤਾ


