
ਆਵਾਰਾ ਕੁੱਤਿਆਂ ਨੇ ਲਈ 8 ਸਾਲਾ ਮਾਸੂਮ ਦੀ ਜਾਨ, ਸਕੂਲ ਜਾਂਦੇ ਬੱਚੇ ’ਤੇ ਕੀਤਾ ਜਾਨਲੇਵਾ ਹਮਲਾ
ਜੰਡਿਆਲਾ ਗੁਰੂ: ਅੰਮ੍ਰਿਤਸਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਲਾਲ ਵਿੱਚ ਇੱਕ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਸਕੂਲ ਜਾ ਰਹੇ 8 ਸਾਲਾ ਬੱਚੇ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟਾ ਸੀ। ਉਸ ਦੀਆਂ ਤਿੰਨ ਭੈਣਾਂ ਹਨ। ਇਸ ਹਾਦਸੇ ਨੇ ਪਰਿਵਾਰ ਨੂੰ ਅਜਿਹਾ ਸਦਮਾ ਦਿੱਤਾ ਹੈ, ਜਿਸ ਨਾਲ ਪੂਰਾ ਪਿੰਡ ਗਮਗੀਨ ਹੈ।
ਪਰਿਵਾਰ ਦੇ ਇੱਕ ਨਜ਼ਦੀਕੀ ਜਾਣਕਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਰਣਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਰਸਤੇ ਵਿੱਚ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਕੁੱਤਿਆਂ ਤੋਂ ਬਚਣ ਲਈ ਬੱਚਾ ਨੇੜੇ ਹੀ ਇੱਕ ਖਾਲੀ ਮੈਦਾਨ ਵੱਲ ਭੱਜਿਆ, ਪਰ ਉੱਥੇ ਕੋਈ ਮੌਜੂਦ ਨਾ ਹੋਣ ਕਾਰਨ ਉਹ ਕੁੱਤਿਆਂ ਦੇ ਘੇਰੇ ਵਿੱਚ ਆ ਗਿਆ। ਝੁੰਡ ਨੇ ਉਸ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਕੁਝ ਹੋਰ ਬੱਚੇ ਖੇਡਣ ਲਈ ਮੈਦਾਨ ਵਿੱਚ ਪਹੁੰਚੇ। ਉਨ੍ਹਾਂ ਨੇ ਰਣਜੀਤ ਸਿੰਘ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਦੇਖਿਆ ਤਾਂ ਰੌਲਾ ਪਾ ਦਿੱਤਾ। ਇਸ ਤੋਂ ਬਾਅਦ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ ਗਈ। ਲੋਕ ਤੁਰੰਤ ਮੌਕੇ ’ਤੇ ਪਹੁੰਚੇ, ਪਰ ਉਦੋਂ ਤੱਕ ਬੱਚੇ ਦੀ ਮੌਤ ਹੋ ਚੁੱਕੀ ਸੀ।
ਚਸ਼ਮਦੀਦਾਂ ਅਨੁਸਾਰ ਕੁੱਤਿਆਂ ਦੇ ਹਮਲੇ ਕਾਰਨ ਬੱਚੇ ਦੇ ਸਿਰ ਅਤੇ ਲੱਤਾਂ ’ਤੇ ਗੰਭੀਰ ਜ਼ਖ਼ਮ ਹੋਏ ਸਨ ਅਤੇ ਉਸ ਦਾ ਸੱਜਾ ਕੰਨ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ।
ਘਟਨਾ ਦੀ ਸੂਚਨਾ ਮਿਲਣ ’ਤੇ ਸਥਾਨਕ ਪੁਲੀਸ ਚੌਕੀ ਤੋਂ ਏ.ਐੱਸ.ਆਈ. ਜਸਪਾਲ ਸਿੰਘ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਆਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਨੂੰ ਲੈ ਕੇ ਭਾਰੀ ਰੋਸ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਪਰ ਉਨ੍ਹਾਂ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ।
ਪਿੰਡ ਦੀ ਪੰਚਾਇਤ ਅਤੇ ਵਸਨੀਕਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਅਤੇ ਆਰਥਿਕ ਸਹਾਇਤਾ ਦਿੱਤੀ ਜਾਵੇ। ਇਸ ਦੇ ਨਾਲ ਹੀ ਪਿੰਡਾਂ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹਾ ਦਰਦ ਨਾ ਸਹਿਣਾ ਪਵੇ।



