ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼-2 ਵਿੱਚ ਸ਼ਨਿਚਰਵਾਰ ਨੂੰ ਇੱਕ ਇਮਾਰਤ ਅਚਾਨਕ ਢਹਿ ਜਾਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਹਾਦਸੇ ਤੋਂ ਬਾਅਦ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕੁਝ ਲੋਕ ਮਲਬੇ ਹੇਠ ਫਸੇ ਹੋ ਸਕਦੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਜੰਗੀ ਪੱਧਰ ‘ਤੇ ਰੈਸਕਿਊ ਆਪਰੇਸ਼ਨ ਸ਼ੁਰੂ ਕਰ ਦਿੱਤਾ ਗਿਆ।
ਬਚਾਅ ਕਰਮਚਾਰੀਆਂ ਨੇ ਹੁਣ ਤੱਕ ਇੱਕ ਵਿਅਕਤੀ ਨੂੰ ਸੁਰੱਖਿਅਤ ਮਲਬੇ ਵਿਚੋਂ ਬਾਹਰ ਕੱਢ ਲਿਆ ਹੈ, ਜਦਕਿ ਹੋਰ ਸੰਭਾਵਿਤ ਫਸੇ ਹੋਏ ਲੋਕਾਂ ਦੀ ਭਾਲ ਜਾਰੀ ਹੈ। ਮਲਬਾ ਹਟਾਉਣ ਲਈ ਭਾਰੀ ਮਸ਼ੀਨਰੀ ਅਤੇ ਹੋਰ ਲੋੜੀਂਦੇ ਸਾਧਨਾਂ ਦੀ ਮਦਦ ਲਈ ਜਾ ਰਹੀ ਹੈ ਤਾਂ ਜੋ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।
ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਥਾਣਾ ਇੰਡਸਟਰੀਅਲ ਏਰੀਆ ਅਤੇ ਸੈਕਟਰ-31 ਦੀਆਂ ਪੁਲਿਸ ਟੀਮਾਂ ਵੀ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਆਵਾਜਾਈ ‘ਤੇ ਨਿਯੰਤਰਣ ਕੀਤਾ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਟੀਮਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਹੋਰ ਬਚਾਅ ਏਜੰਸੀਆਂ ਵੀ ਮੌਕੇ ‘ਤੇ ਤਾਇਨਾਤ ਹਨ ਅਤੇ ਸਾਂਝੇ ਤੌਰ ‘ਤੇ ਰੈਸਕਿਊ ਆਪਰੇਸ਼ਨ ਚਲਾ ਰਹੀਆਂ ਹਨ।
ਫਿਲਹਾਲ ਇਮਾਰਤ ਡਿੱਗਣ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਹਿਲੀ ਤਰਜੀਹ ਮਲਬੇ ਹੇਠ ਫਸੇ ਲੋਕਾਂ ਨੂੰ ਸੁਰੱਖਿਅਤ ਬਚਾਉਣ ਦੀ ਹੈ। ਬਚਾਅ ਕਾਰਜ ਪੂਰੇ ਹੋਣ ਤੋਂ ਬਾਅਦ ਹਾਦਸੇ ਦੇ ਅਸਲ ਕਾਰਨਾਂ ਦੀ ਵਿਸਥਾਰਪੂਰਵਕ ਜਾਂਚ ਕਰਵਾਈ ਜਾਵੇਗੀ।
