ਬੰਗਾ-ਅਨੰਦਪੁਰ ਸਾਹਿਬ-ਨੈਣਾ ਦੇਵੀ ਸੜਕ ਨੂੰ ਨੈਸ਼ਨਲ ਹਾਈਵੇ ਬਣਾਉਣ ਦੀ ਮੰਗ ਮੁੜ ਉਠੀ, MP ਕੰਗ ਨੇ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੰਗਾ–ਗੜ੍ਹਸ਼ੰਕਰ–ਸ਼੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ (ਨੈਸ਼ਨਲ ਹਾਈਵੇ) ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮੁੜ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਹੈ।

MP ਮਲਵਿੰਦਰ ਕੰਗ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਇਸ ਮਹੱਤਵਪੂਰਨ ਮਾਰਗ ਨੂੰ ਨੈਸ਼ਨਲ ਹਾਈਵੇ ਘੋਸ਼ਿਤ ਕਰਨ ਦੀ ਮੰਗ ਨੂੰ ਮਜ਼ਬੂਤੀ ਨਾਲ ਉਠਾਇਆ।

ਉਨ੍ਹਾਂ ਕਿਹਾ ਕਿ ਬੰਗਾ ਤੋਂ ਨੈਣਾ ਦੇਵੀ ਤੱਕ ਦਾ ਇਹ ਮਾਰਗ ਧਾਰਮਿਕ, ਆਵਾਜਾਈ ਅਤੇ ਆਰਥਿਕ ਪੱਖੋਂ ਬਹੁਤ ਮਹੱਤਵਪੂਰਨ ਹੈ। ਇਹ ਰਸਤਾ ਸ਼੍ਰੀ ਅਨੰਦਪੁਰ ਸਾਹਿਬ ਅਤੇ ਨੈਣਾ ਦੇਵੀ ਵਰਗੇ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਜੋੜਦਾ ਹੈ, ਜਿਸ ਕਾਰਨ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਯਾਤਰੀ ਇਸ ਰਾਹ ਦੀ ਵਰਤੋਂ ਕਰਦੇ ਹਨ।

ਮਲਵਿੰਦਰ ਕੰਗ ਨੇ ਦੱਸਿਆ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਮੰਗ ’ਤੇ ਜਲਦ ਅਤੇ ਸਕਾਰਾਤਮਕ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਇਹ ਮੰਗ ਜਲਦ ਪੂਰੀ ਹੋਵੇਗੀ।

ਉਨ੍ਹਾਂ ਕਿਹਾ ਕਿ ਜੇਕਰ ਇਸ ਸੜਕ ਨੂੰ ਨੈਸ਼ਨਲ ਹਾਈਵੇ ਦਾ ਦਰਜਾ ਮਿਲਦਾ ਹੈ ਤਾਂ ਖੇਤਰ ਵਿੱਚ ਸੜਕੀ ਸੰਪਰਕ ਹੋਰ ਮਜ਼ਬੂਤ ਹੋਵੇਗਾ, ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ ਅਤੇ ਇਲਾਕੇ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ