PM ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨਾਲ ਕੀਤੀ ਫੋਨ ’ਤੇ ਗੱਲਬਾਤ - Punjab Nation TV

PM ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨਾਲ ਕੀਤੀ ਫੋਨ ’ਤੇ ਗੱਲਬਾਤ

ਨਵੀ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨਾਲ ਫੋਨ ’ਤੇ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਵਿਆਪਕ ਵਿਸ਼ਵ ਪੱਧਰੀ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ-ਵਟਾਂਦਰਾ ਕੀਤਾ

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਰਾਹੀਂ ਇਸ ਗੱਲਬਾਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਦੇਸ਼ਾਂ ਵਿਚਾਲੇ ਮਹੱਤਵਪੂਰਨ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਦੇ ਮੌਕਿਆਂ ’ਤੇ ਚਰਚਾ ਹੋਈ

ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਉਨ੍ਹਾਂ ਦੀ ਪਤਨੀ ਉਸ਼ਾ ਵੈਂਸ ਨੂੰ ਪੁੱਤਰ ਦੇ ਜਨਮ ’ਤੇ ਵਧਾਈ ਦਿੱਤੀ। ਉਨ੍ਹਾਂ ਵੈਂਸ ਪਰਿਵਾਰ ਲਈ ਖੁਸ਼ਹਾਲੀ ਅਤੇ ਸ਼ੁਭਕਾਮਨਾਵਾਂ ਵੀ ਪ੍ਰਗਟ ਕੀਤੀਆਂ

PM ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਰਣਨੀਤਕ ਭਾਈਵਾਲੀ ਲਗਾਤਾਰ ਨਵੀਆਂ ਉਚਾਈਆਂ ਛੂਹ ਰਹੀ ਹੈ। ਦੋਵਾਂ ਦੇਸ਼ਾਂ ਵਿਚਕਾਰ ਰੱਖਿਆ, ਵਪਾਰ, ਤਕਨਾਲੋਜੀ, ਊਰਜਾ ਅਤੇ ਹੋਰ ਅਹਿਮ ਖੇਤਰਾਂ ਵਿੱਚ ਸਹਿਯੋਗ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਹ ਫੋਨ ਗੱਲਬਾਤ ਉਸ ਸਮੇਂ ਹੋਈ ਹੈ ਜਦੋਂ ਭਾਰਤ ਅਤੇ ਅਮਰੀਕਾ ਆਪਣੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਉੱਚ ਪੱਧਰੀ ਸੰਪਰਕ ਬਣਾਈ ਰੱਖ ਰਹੇ ਹਨ। ਦੋਵੇਂ ਦੇਸ਼ ਵਿਸ਼ਵ ਪੱਧਰ ’ਤੇ ਕਈ ਮੁੱਦਿਆਂ ’ਤੇ ਸਾਂਝੇ ਤੌਰ ’ਤੇ ਕੰਮ ਕਰ ਰਹੇ ਹਨ