ਪੰਜਾਬ ਸਰਕਾਰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗਾਂ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਦੇ ਆਗੂ ਸ਼ਾਮਲ ਹੋਏ।

ਮੀਟਿੰਗ ਦੌਰਾਨ ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਦੇ ਮੁੱਦੇ ਉੱਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਵਿੱਤ ਮੰਤਰੀ ਨੇ ਦੱਸਿਆ ਕਿ ਬਿੱਲ ਪਾਸ ਹੋਣ ਤੋਂ ਬਾਅਦ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।

ਸ੍ਰੀ ਚੀਮਾ ਨੇ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਆਖਿਆ ਕਿ ਇਹ ਸਾਰੀ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇ ਤਾਂ ਜੋ ਯੋਗ ਵਰਕਰਾਂ ਨੂੰ ਨਵੇਂ ਕਾਨੂੰਨੀ ਦਾਇਰੇ ਦਾ ਲਾਭ ਲੈਣ ਵਿੱਚ ਕਿਸੇ ਕਿਸਮ ਦੀ ਬੇਲੋੜੀ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ।

ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਸਬ-ਕਮੇਟੀ ਨੂੰ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਤੋਂ ਜਾਣੂ ਕਰਵਾਉਂਦਿਆਂ ਇਨ੍ਹਾਂ ਉਪਬੰਧਾਂ ਨੂੰ ਸਮੇਂ ਸਿਰ ਲاਗੂ ਕਰਨ ਦੀ ਮੰਗ ਕੀਤੀ। ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਬਿੱਲ ਨੂੰ ਪੂਰੀ ਪ੍ਰਭਾਵਸ਼ੀਲਤਾ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਹਰ ਯੋਗ ਕਰਕਰ ਨੂੰ ਬਣਦਾ ਲਾਭ ਮਿਲ ਸਕੇ।