ਮੋਹਾਲੀ: ਮੋਹਾਲੀ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ, ਜਦਕਿ ਇੱਕ ਹੋਰ ਵਿਅਕਤੀ ਨੂੰ ਬਚਾ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ
ਮਲਬੇ ਹੇਠਾਂ ਲੋਕਾਂ ਦੇ ਦੱਬੇ ਹੋਣ ਦੀ ਸੂਚਨਾ
ਇਮਾਰਤ ਦਾ ਹਿੱਸਾ ਡਿੱਗਣ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ-ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਮਲਬਾ ਹਟਾਉਣ ਦਾ ਕੰਮ ਸ਼ੁਰੂ ਕੀਤਾ
ਮੁੱਢਲੀ ਜਾਣਕਾਰੀ ਮੁਤਾਬਕ, ਹਾਦਸੇ ਸਮੇਂ ਦੋ ਵਿਅਕਤੀਆਂ ਦੇ ਮਲਬੇ ਹੇਠਾਂ ਫਸੇ ਹੋਣ ਦੀ ਗੱਲ ਸਾਹਮਣੇ ਆਈ ਸੀ। ਇਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦਕਿ ਦੂਜੇ ਨੂੰ ਸੁਰੱਖਿਅਤ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ
ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ
ਪੁਲਿਸ ਵੱਲੋਂ ਘਟਨਾ ਸਥਾਨ ਨੂੰ ਸੁਰੱਖਿਅਤ ਕਰਕੇ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਮਾਰਤ ਦਾ ਹਿੱਸਾ ਡਿੱਗਣ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ
ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਦੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਹਾਦਸੇ ਵਿੱਚ ਹੋਏ ਨੁਕਸਾਨ ਅਤੇ ਪ੍ਰਭਾਵਿਤ ਲੋਕਾਂ ਦੀ ਗਿਣਤੀ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ
