ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ‘ਲੋਕ ਮਿਲਣੀ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਪਹੁੰਚ ਕੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਆਮ ਲੋਕਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਕੁਰਸੀ ਅਤੇ ਆਪਣੇ ਪਰਿਵਾਰਾਂ ਦੀ ਸਿਆਸਤ ਕੀਤੀ ਹੈ, ਜਦੋਂ ਕਿ ਉਨ੍ਹਾਂ ਦੀ ਸਰਕਾਰ ਸਿਰਫ਼ ਅਤੇ ਸਿਰਫ਼ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੂਬੇ ਵਿੱਚ ਮਿਆਰੀ ਸਿੱਖਿਆ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ।

ਖੇਤਾਂ ਦੇ ਆਖਰੀ ਨੁੱਕਰ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਲੰਬੀ ਪਾਈਪਲਾਈਨ ਪਾਈ ਗਈ ਹੈ ਅਤੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤੇਜ਼ੀ ਦੇਣ ਲਈ ਸਮਾਗਮ ਦੌਰਾਨ 6 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 20-20 ਲੱਖ ਰੁਪਏ ਦੇ ਚੈੱਕ ਵੀ ਸੌਂਪੇ ਗਏ।

ਆਪਣੀ ਗੱਲ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਅਤੇ ਮੋਹਰੀ ਟੀਚਾ ਸੂਬੇ ਨੂੰ ਤਰੱਕੀ ਦੀ ਰਾਹ ‘ਤੇ ਤੋਰ ਕੇ ਇੱਕ ਹੱਸਦਾ-ਵੱਸਦਾ ਰੰਗਲਾ ਪੰਜਾਬ’ ਸਿਰਜਣਾ ਹੈ।