ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਦਿਆਂ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਇਸ ਦੌਰਾਨ ਖੇਤੀਬਾੜੀ, ਨਹਿਰੀ ਪਾਣੀ, ਧਰਤੀ ਹੇਠਲੇ ਪਾਣੀ ਅਤੇ ਕਿਸਾਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਸਰਕਾਰ ਦੇ ਉਪਰਾਲਿਆਂ ਦਾ ਜ਼ਿਕਰ ਕੀਤਾ।
CM ਭਗਵੰਤ ਮਾਨ ਨੇ ਆਪਣੇ X ਅਕਾਊਂਟ ’ਤੇ ਕਿਸਾਨ ਮੇਲੇ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੁਨੀਆ ਦੀਆਂ ਚੋਟੀ ਦੀਆਂ 100 ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣਾ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ PAU ਕਿਸਾਨਾਂ ਨੂੰ ਨਵੀਂ ਤਕਨੀਕ ਅਤੇ ਖੇਤੀਬਾੜੀ ਸਬੰਧੀ ਗਿਆਨ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਨਹਿਰੀ ਪਾਣੀ ਦੀ ਵਰਤੋਂ 88 ਫੀਸਦੀ ਤੱਕ ਪਹੁੰਚਾਉਣ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਕਿਸਾਨਾਂ ਲਈ ਹੋਰ ਲਾਹੇਵੰਦ ਕਿੱਤਾ ਬਣਾਉਣ ਦੇ ਮਕਸਦ ਨਾਲ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾਇਆ ਗਿਆ ਹੈ। ਉਨ੍ਹਾਂ ਦੇ ਮੁਤਾਬਕ ਨਹਿਰੀ ਪਾਣੀ ਦੀ ਵਰਤੋਂ ਹੁਣ 88 ਫੀਸਦੀ ਤੱਕ ਪਹੁੰਚ ਗਈ ਹੈ।
ਉਨ੍ਹਾਂ ਅਨੁਸਾਰ, ਪੰਜਾਬ ਵਿੱਚ ਕਰੀਬ 14,000 ਕਿਲੋਮੀਟਰ ਅੰਡਰਗ੍ਰਾਊਂਡ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ। CM ਮਾਨ ਨੇ ਦਾਅਵਾ ਕੀਤਾ ਕਿ ਇਨ੍ਹਾਂ ਉਪਰਾਲਿਆਂ ਨਾਲ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਆਇਆ ਹੈ ਅਤੇ ਇਹ ਲਗਭਗ 5 ਮੀਟਰ ਤੱਕ ਉੱਪਰ ਆਇਆ ਹੈ।
ਖੇਤੀ ਲਈ ਦਿਨ ਵੇਲੇ ਬਿਜਲੀ ਸਪਲਾਈ ’ਤੇ ਜ਼ੋਰ
ਮੁੱਖ ਮੰਤਰੀ ਨੇ ਕਿਸਾਨਾਂ ਦੀ ਸਹੂਲਤ ਲਈ ਖੇਤਾਂ ਵਿੱਚ ਦਿਨ ਦੇ ਸਮੇਂ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਅਤੇ ਸਿੰਚਾਈ ਲਈ ਸਹੂਲਤ ਮਿਲ ਰਹੀ ਹੈ।
ਝੋਨੇ ਦੇ ਝਾੜ ਨੂੰ ਲੈ ਕੇ CM ਮਾਨ ਆਸ਼ਾਵਾਦੀ
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਅਤੇ ਖੇਤੀਬਾੜੀ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਇਸ ਵਾਰ ਝੋਨੇ ਦਾ ਝਾੜ ਵੀ ਸ਼ਾਨਦਾਰ ਰਹਿਣ ਦੀ ਪੂਰੀ ਉਮੀਦ ਹੈ।
ਕਿਸਾਨ ਮੇਲੇ ਦੌਰਾਨ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਖੇਤਰ ਵਿੱਚ ਕਿਸਾਨਾਂ ਦੀ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਵੀ ਉਜਾਗਰ ਕੀਤਾ।
