ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ’ਚੋਂ ਕੀਤਾ ਬਾਹਰ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (SAD) ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਅਤੇ ਕਥਿਤ ਦੁਰਵਿਹਾਰ ਦੇ ਹਵਾਲੇ ਨਾਲ ਕੀਤੀ ਗਈ ਹੈ।

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੱਸਿਆ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਰੂਪ ਕੌਰ ਸੰਧੂ ਦੇ ਪਾਰਟੀ ਅਨੁਸ਼ਾਸਨ ਦੇ ਉਲਟ ਦੱਸੇ ਜਾ ਰਹੇ ਲਗਾਤਾਰ ਰਵੱਈਏ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਾਰਵਾਈ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਅਕਾਲੀ ਦਲ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਕੁਝ ਦਿਨ ਪਹਿਲਾਂ ਰੂਪ ਕੌਰ ਸੰਧੂ ਨੇ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਕਥਿਤ ਸ਼ੋਸ਼ਣ ਸਬੰਧੀ ਜਨਤਕ ਤੌਰ ’ਤੇ ਇਲਜ਼ਾਮ ਲਗਾਏ ਸਨ।

ਰੂਪ ਕੌਰ ਸੰਧੂ ਨੇ ਇਸ ਮਾਮਲੇ ਵਿੱਚ “ਵੱਡੇ ਖੁਲਾਸੇ” ਕਰਨ ਦੀ ਗੱਲ ਵੀ ਆਖੀ ਸੀ। ਹੁਣ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦੇ ਫੈਸਲੇ ਨਾਲ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।