ਪੰਜਾਬ ਕੈਬਨਿਟ ਦੇ ਵੱਡੇ ਫੈਸਲੇ: ਪਠਾਨਕੋਟ ਬਣੇਗਾ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ, 1400 ਨਰਸਿੰਗ ਸਟਾਫ਼ ਲਈ ਨਵੇਂ ਰੂਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸੂਬੇ ਦੀ ਤਰੱਕੀ ਅਤੇ ਮੁਲਾਜ਼ਮਾਂ ਦੀ ਭਲਾਈ ਨਾਲ ਜੁੜੇ ਕਈ ਵੱਡੇ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ’ਤੇ ਪੋਸਟ ਕਰਦਿਆਂ ਦੱਸਿਆ ਕਿ ਪਠਾਨਕੋਟ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ‘ਰਣਜੀਤ ਸਾਗਰ ਡਿਵੈਲਪਮੈਂਟ ਅਥਾਰਟੀ’ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਫੈਸਲੇ ਨਾਲ ਰਣਜੀਤ ਸਾਗਰ ਡੈਮ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਸੈਰ-ਸਪਾਟੇ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।

ਇਸ ਦੇ ਨਾਲ ਹੀ PICTES ਅਧੀਨ ਕੰਮ ਕਰ ਰਹੇ ਨਾਨ-ਟੀਚਿੰਗ ਕਰਮਚਾਰੀਆਂ ਨੂੰ ਸੁਸਾਇਟੀ ਅਧੀਨ ਲਿਆ ਕੇ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨੂੰ ਇਨ੍ਹਾਂ ਕਰਮਚਾਰੀਆਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

ਕੈਬਨਿਟ ਮੀਟਿੰਗ ਵਿੱਚ ਲਗਭਗ 1400 ਨਰਸਿੰਗ ਸਟਾਫ਼ ਲਈ ਨਵੇਂ ਸੇਵਾ ਨਿਯਮਾਂ (Rules) ਨੂੰ ਵੀ ਹਰੀ ਝੰਡੀ ਦਿੱਤੀ ਗਈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਲਈ ਨਵੀਆਂ ਅਸਾਮੀਆਂ ਦੀ ਰਚਨਾ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਆਪਣੇ ਸੰਦੇਸ਼ ਦੇ ਅੰਤ ਵਿੱਚ “ਇਨਕਲਾਬ ਜ਼ਿੰਦਾਬਾਦ” ਦਾ ਨਾਅਰਾ ਵੀ ਲਿਖਿਆ