ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
SGPC ਚੋਣਾਂ ਜਲਦ ਕਰਵਾਉਣ ਦੀ ਮੰਗ
CM ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਪਿਛਲੇ ਕਈ ਸਾਲਾਂ ਤੋਂ ਲੰਬਿਤ ਚੋਣਾਂ ਬਿਨਾਂ ਕਿਸੇ ਹੋਰ ਦੇਰੀ ਦੇ ਜਲਦ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ।
ਸ੍ਰੀ ਆਨੰਦਪੁਰ ਸਾਹਿਬ ਘਟਨਾ ‘ਤੇ SIT ਦਾ ਭਰੋਸਾ
ਮੁਲਾਕਾਤ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ਦਾ ਮਾਮਲਾ ਵੀ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਤੁਰੰਤ SIT (Special Investigation Team) ਗਠਿਤ ਕਰਨ ਦਾ ਭਰੋਸਾ ਦਿੱਤਾ।
ਉਨ੍ਹਾਂ ਕਿਹਾ ਕਿ ਜਾਂਚ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇਗਾ ਅਤੇ ਜੇਕਰ ਜਾਂਚ ਦੌਰਾਨ ਕੋਈ ਦੋਸ਼ੀ ਸਾਹਮਣੇ ਆਉਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
‘ਪੰਥਕ ਮਸਲਿਆਂ ਦੇ ਹੱਲ ਲਈ ਸਰਕਾਰ ਵਚਨਬੱਧ’
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਪੰਥ ਨਾਲ ਜੁੜੇ ਹਰ ਅਹਿਮ ਮਸਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਨ੍ਹਾਂ ਦੇ ਜਲਦ ਤੇ ਢੁੱਕਵੇਂ ਹੱਲ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਾਰੇ ਪੰਥਕ ਮਸਲਿਆਂ ਨੂੰ ਗੱਲਬਾਤ, ਕਾਨੂੰਨੀ ਪ੍ਰਕਿਰਿਆ ਅਤੇ ਸੰਵਿਧਾਨਕ ਢੰਗ ਨਾਲ ਹੱਲ ਕਰਨਾ ਹੈ।
