ਪੰਜਾਬ ’ਚ CBI ਦੀ ਵੱਡੀ ਕਾਰਵਾਈ, 8 ਟਿਕਾਣਿਆਂ ’ਤੇ ਛਾਪੇ; 6 ਲੋਕਾਂ ਖ਼ਿਲਾਫ਼ FIR ਦਰਜ਼

ਚੰਡੀਗੜ੍ਹ: ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਨੂੰ ਲੈ ਕੇ ਕੇਂਦਰੀ ਜਾਂਚ ਬਿਊਰੋ CBI ਨੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ CBI ਨੇ OSD ਰਾਜਬੀਰ ਸਿੰਘ ਘੁੰਮਣ ਸਮੇਤ ਕੁੱਲ 6 ਵਿਅਕਤੀਆਂ ਖ਼ਿਲਾਫ਼ FIR ਦਰਜ ਕੀਤੀ ਹੈ।

ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ।

8 ਥਾਵਾਂ ’ਤੇ ਇੱਕੋ ਸਮੇਂ ਛਾਪੇ

FIR ਦਰਜ ਕਰਨ ਤੋਂ ਬਾਅਦ CBI ਦੀਆਂ ਟੀਮਾਂ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ। ਜਾਣਕਾਰੀ ਅਨੁਸਾਰ ਚੰਡੀਗੜ੍ਹ, ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਵਿੱਚ ਮੁਲਜ਼ਮਾਂ ਨਾਲ ਸਬੰਧਤ 8 ਟਿਕਾਣਿਆਂ ’ਤੇ ਇਹ ਕਾਰਵਾਈ ਕੀਤੀ ਗਈ।

ਤਲਾਸ਼ੀ ਦੌਰਾਨ CBI ਵੱਲੋਂ ਲੈਪਟਾਪ, ਮੋਬਾਈਲ ਫੋਨ ਅਤੇ ਕੁਝ ਅਹਿਮ ਦਸਤਾਵੇਜ਼ ਕਬਜ਼ੇ ਵਿੱਚ ਲਏ ਜਾਣ ਦੀ ਜਾਣਕਾਰੀ ਹੈ। ਏਜੰਸੀ ਵੱਲੋਂ ਇਨ੍ਹਾਂ ਸਮੱਗਰੀਆਂ ਦੀ ਜਾਂਚ ਕਰਕੇ ਮਾਮਲੇ ਨਾਲ ਸਬੰਧਤ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

ਅਧਿਕਾਰੀਆਂ ਦੀਆਂ ਪੋਸਟਿੰਗ ਤੋਂ ਲੈ ਕੇ ਟੈਂਡਰਾਂ ਤੱਕ ਦੇ ਦੋਸ਼

ਜਾਂਚ ਵਿੱਚ ਕਥਿਤ ਤੌਰ ’ਤੇ ਅਧਿਕਾਰੀਆਂ ਦੀਆਂ ਪੋਸਟਿੰਗ ਨੂੰ ਪ੍ਰਭਾਵਿਤ ਕਰਨ ਅਤੇ ਇਸ ਵਿੱਚ ਗੜਬੜੀ ਕੀਤੇ ਜਾਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ IAS ਅਤੇ IPS ਅਧਿਕਾਰੀਆਂ ਦੀਆਂ ਪੋਸਟਿੰਗ ਨਾਲ ਜੁੜੇ ਮਾਮਲੇ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਇਸ ਤੋਂ ਇਲਾਵਾ ਵਿਭਾਗੀ ਕਾਰਵਾਈ, ਨੀਤੀਗਤ ਫੈਸਲਿਆਂ, ਪ੍ਰਸ਼ਾਸਨਿਕ ਮਨਜ਼ੂਰੀਆਂ, ਟੈਂਡਰ ਦੀਆਂ ਸ਼ਰਤਾਂ, ਲਾਇਸੈਂਸ ਜਾਰੀ ਕਰਨ, ਜ਼ਮੀਨ ਦੀ ਵਰਤੋਂ ਵਿੱਚ ਤਬਦੀਲੀ ਅਤੇ ਜਾਇਦਾਦ ਤੇ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਆਰਥਿਕ ਲਾਭ ਲੈ ਕੇ ਪ੍ਰਭਾਵ ਪਾਉਣ ਦੇ ਦੋਸ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

CBI ਨੇ ਤਲਾਸ਼ੀ ਦੌਰਾਨ ਮਿਲੇ ਡਿਜੀਟਲ ਉਪਕਰਨਾਂ ਅਤੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਜੰਸੀ ਵੱਲੋਂ ਕਥਿਤ ਰਿਸ਼ਵਤਖੋਰੀ ਅਤੇ ਹੋਰ ਬੇਨਿਯਮੀਆਂ ਨਾਲ ਜੁੜੇ ਸਬੂਤਾਂ ਦੀ ਪੜਤਾਲ ਕੀਤੀ ਜਾ ਰਹੀ ਹੈ