ਪੰਜਾਬ ਵਿੱਚ ਸਿਹਤ ਕ੍ਰਾਂਤੀ ਨੂੰ ਮਿਲੇਗਾ ਨਵਾਂ ਹੁਲਾਰਾ, ਅੱਜ ਤੋਂ ਸ਼ੁਰੂ ਹੋਣਗੇ 153 ਨਵੇਂ ਆਮ ਆਦਮੀ ਕਲੀਨਿਕ

ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ’ਚ ਕਰਨਗੇ ਨਵੇਂ ਕਲੀਨਿਕ ਦਾ ਉਦਘਾਟਨ, ਸੂਬੇ ’ਚ ਕੁੱਲ ਗਿਣਤੀ ਹੋਵੇਗੀ 1,245

ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਦਾ ਦਾਇਰਾ ਵਧਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਸੂਬੇ ਭਰ ਵਿੱਚ 153 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ।

ਇਨ੍ਹਾਂ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 1,245 ਹੋ ਜਾਵੇਗੀ। ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਇਲਾਜ ਲਈ ਹਸਪਤਾਲਾਂ ਵਿੱਚ ਜਾਣ ਦੀ ਲੋੜ ਨੂੰ ਘਟਾਉਣਾ ਹੈ।

ਮੁਫ਼ਤ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ

ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਕਿਸਮਾਂ ਦੀਆਂ ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਇਸ ਨਾਲ ਆਮ ਲੋਕਾਂ ਨੂੰ ਬੁਨਿਆਦੀ ਇਲਾਜ ਅਤੇ ਜਾਂਚਾਂ ਲਈ ਆਰਥਿਕ ਬੋਝ ਘਟਾਉਣ ਵਿੱਚ ਮਦਦ ਮਿਲੇਗੀ।

ਕਰੋੜਾਂ ਲੋਕ ਲੈ ਚੁੱਕੇ ਹਨ ਸਿਹਤ ਸੇਵਾਵਾਂ ਦਾ ਲਾਭ

ਪ੍ਰਾਪਤ ਅੰਕੜਿਆਂ ਅਨੁਸਾਰ, ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ 6.48 ਕਰੋੜ ਤੋਂ ਵੱਧ ਓਪੀਡੀ (OPD) ਸੇਵਾਵਾਂ ਦਾ ਲਾਭ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, 3.63 ਕਰੋੜ ਤੋਂ ਵੱਧ ਮੁਫ਼ਤ ਡਾਇਗਨੌਸਟਿਕ ਟੈਸਟ ਵੀ ਕੀਤੇ ਜਾ ਚੁੱਕੇ ਹਨ।

ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦਾ ਨੈੱਟਵਰਕ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ। ਹੁਣ ਇਨ੍ਹਾਂ ਨਵੀਆਂ ਸਹੂਲਤਾਂ ਰਾਹੀਂ ਲੋਕਾਂ ਨੂੰ ਆਪਣੇ ਇਲਾਕਿਆਂ ਵਿੱਚ ਹੀ ਮੁੱਢਲਾ ਇਲਾਜ, ਦਵਾਈਆਂ ਅਤੇ ਜਾਂਚਾਂ ਦੀ ਸਹੂਲਤ ਮਿਲੇਗੀ