ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੁਣ ਤੱਕ 1,36,770 ਮੀਟ੍ਰਿਕ ਟਨ ਝੋਨੇ ਦੀ ਆਮਦ, 1,35,957 ਮੀਟ੍ਰਿਕ ਟਨ ਦੀ ਖਰੀਦ

ਹੁਸ਼ਿਆਰਪੁਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ, ਤਾਂ ਜੋ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਨਿਰਧਾਰਤ ਮਾਪਦੰਡਾਂ ਅਨੁਸਾਰ ਹੋਣ ਨਾਲ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਉਂਦੀ ਹੈ ਅਤੇ ਕਿਸਾਨਾਂ, ਆੜ੍ਹਤੀਆਂ ਤੇ ਖਰੀਦ ਏਜੰਸੀਆਂ ਨੂੰ ਵੀ ਸਹੂਲਤ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਖਰੀਦ ਕਾਰਜ ਨੂੰ ਸੁਚਾਰੂ ਬਣਾਈ ਰੱਖਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।

ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 14 ਅਕਤੂਬਰ ਤੱਕ ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 1,36,770 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ, ਜਦਕਿ ਇਸ ਵਿੱਚੋਂ 1,35,957 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1,35,341 ਮੀਟ੍ਰਿਕ ਟਨ ਅਤੇ ਨਿੱਜੀ ਖਰੀਦਦਾਰਾਂ ਵੱਲੋਂ 616 ਮੀਟ੍ਰਿਕ ਟਨ ਝੋਨੇ ਦੀ ਖਰੀਦ ਸ਼ਾਮਲ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਹੁਣ ਤੱਕ 49,432 ਮੀਟ੍ਰਿਕ ਟਨ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉੱਥੇ ਹੀ, ਕਿਸਾਨਾਂ ਨੂੰ ਅਦਾਇਗੀ ਦੇ ਮਾਮਲੇ ਵਿੱਚ ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ 100 ਫ਼ੀਸਦੀ ਅਦਾਇਗੀ ਕੀਤੀ ਗਈ ਹੈ। ਹੁਣ ਤੱਕ ਕਿਸਾਨਾਂ ਨੂੰ ਕੁੱਲ 291.31 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦੀ ਖਰੀਦ, ਲਿਫ਼ਟਿੰਗ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਉਣ ਲਈ ਵਚਨਬੱਧ ਹੈ