ਪਰਵਿੰਦਰ ਝੋਟਾ ਕਤਲ ਮਾਮਲੇ ’ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਜਾਂਚ CBI ਨੂੰ ਸੌਂਪੀ ਜਾਵੇਗੀ

ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ਵਿੱਚ ਵੱਡਾ ਕਦਮ ਚੁੱਕਦਿਆਂ ਕੇਸ ਕੇਂਦਰੀ ਜਾਂਚ ਬਿਊਰੋ (CBI) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਰਕਾਰ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਝੋਟਾ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਮਾਮਲਾ CBI ਦੇ ਹਵਾਲੇ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਲੜਾਈ ਨਿਰਣਾਇਕ ਮੋੜ ’ਤੇ ਹੈ ਅਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਸਖ਼ਤ ਕਦਮ ਚੁੱਕਿਆ ਜਾਵੇਗਾ।

ਮੁੱਖ ਮੰਤਰੀ ਮਾਨ ਨੇ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਕਾਰ ਕਿਸੇ ਵੀ ਤਰ੍ਹਾਂ ਪਿੱਛੇ ਨਹੀਂ ਹਟੇਗੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ।