ਪਰਵਿੰਦਰ ਸਿੰਘ ਝੋਟਾ ਦੇ ਮਾਮਲਾ: ਕੇਂਦਰੀ ਜਾਂਚ ਬਿਊਰੋ (CBI) ਦੀ ਪੰਜ ਮੈਂਬਰੀ ਟੀਮ ਮਾਨਸਾ ਪਹੁੰਚੀ

ਮਾਨਸਾ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੰਗਲਵਾਰ ਨੂੰ ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਕੇਂਦਰੀ ਜਾਂਚ ਬਿਊਰੋ (CBI) ਦੀ ਪੰਜ ਮੈਂਬਰੀ ਟੀਮ ਮਾਨਸਾ ਪਹੁੰਚ ਗਈ। ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਸਥਾਨਕ ਪੁਲਿਸ ਤੋਂ ਕੇਸ ਨਾਲ ਸਬੰਧਤ ਰਿਕਾਰਡ ਆਪਣੇ ਕਬਜ਼ੇ ਵਿੱਚ ਲੈ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ, CBI ਦੀ ਟੀਮ ਬੀਤੀ ਅੱਧੀ ਰਾਤ ਕਰੀਬ 12 ਵਜੇ ਮਾਨਸਾ ਪਹੁੰਚੀ। ਇਸ ਤੋਂ ਬਾਅਦ ਟੀਮ ਸਿਟੀ-2 ਪੁਲਿਸ ਥਾਣੇ ਗਈ ਅਤੇ ਕਤਲ ਕੇਸ ਨਾਲ ਸਬੰਧਤ ਫ਼ਾਈਲ ਹਾਸਲ ਕੀਤੀ।

ਇਸ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ CBI ਨੇ ਮਾਮਲੇ ਵਿੱਚ FIR ਦਰਜ ਕਰ ਲਈ ਹੈ ਅਤੇ ਮੁਲਜ਼ਮ ਅਸ਼ਵਨੀ ਕੁਮਾਰ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਹਾਲਾਂਕਿ, ਇਸ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਹੈ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲੋਂ ਇਸ ਮਾਮਲੇ ਦੀ CBI ਜਾਂਚ ਕਰਵਾਉਣ ਦੀ ਮੰਗ ਕਰ ਰਿਹਾ ਸੀ। ਪਰਿਵਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਸਿਫ਼ਾਰਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਸੀ।

ਇਸੇ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ ਪਹੁੰਚੇ ਸਨ ਅਤੇ ਉਨ੍ਹਾਂ ਨੇ ਮਰਹੂਮ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਸੀ।

ਹੁਣ CBI ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਨਾਲ ਪਰਿਵਾਰ ਨੂੰ ਇਸ ਮਾਮਲੇ ਵਿੱਚ ਇਨਸਾਫ਼ ਮਿਲਣ ਦੀ ਉਮੀਦ ਬੱਝੀ ਹੈ।