ਮਾਨਸਾ : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਪੰਜਾਬ ਭਰ ਦੇ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕਰਵਾਈ ਜਾਵੇਗੀ। ਇਸ ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ। ਅਰਦਾਸਾਂ ਦੀਆਂ ਤਰੀਕਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।
ਜਥੇਦਾਰ ਵੱਲੋਂ ਇਹ ਐਲਾਨ ਵੀਰਵਾਰ ਨੂੰ ਮਾਨਸਾ ਪਹੁੰਚਣ ਮੌਕੇ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ 13 ਅਕਤੂਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਇਸ ਘਟਨਾ ਵਿੱਚ ਨਸ਼ਿਆਂ ਖ਼ਿਲਾਫ਼ ਸਰਗਰਮ ਪਰਵਿੰਦਰ ਸਿੰਘ ਝੋਟਾ ਦੀ ਮੌਤ ਹੋ ਗਈ ਸੀ, ਜਦਕਿ ਹੋਰ ਵਿਅਕਤੀ ਗੋਲੀਆਂ ਜਾਂ ਛੱਰਿਆਂ ਨਾਲ ਜ਼ਖ਼ਮੀ ਹੋਏ ਸਨ।
ਜ਼ਖ਼ਮੀਆਂ ਨੂੰ ਇਲਾਜ ਅਤੇ ਆਰਥਿਕ ਸਹਾਇਤਾ
ਹਰੇਕ ਜ਼ਖ਼ਮੀ ਨੂੰ ਦਿੱਤੀ ਗਈ 5 ਲੱਖ ਰੁਪਏ ਦੀ ਰਾਸ਼ੀ ਵਿੱਚੋਂ 2.5 ਲੱਖ ਰੁਪਏ ਡਾਕਟਰੀ ਇਲਾਜ ਦੇ ਖ਼ਰਚਿਆਂ ਲਈ ਅਤੇ ਬਾਕੀ 2.5 ਲੱਖ ਰੁਪਏ ਆਰਥਿਕ ਸਹਾਇਤਾ ਵਜੋਂ ਦਿੱਤੇ ਗਏ ਹਨ। ਇਸ ਸਹਾਇਤਾ ਦਾ ਮਕਸਦ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਅਤੇ ਹੋਰ ਲੋੜਾਂ ਲਈ ਮਦਦ ਮੁਹੱਈਆ ਕਰਵਾਉਣਾ ਹੈ।
ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦਾ ਵੀ ਐਲਾਨ
ਇਸ ਤੋਂ ਪਹਿਲਾਂ 17 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਸੀ। ਇਸ ਮੌਕੇ ਉਨ੍ਹਾਂ ਨੇ ਵੀ ਗੋਲੀਕਾਂਡ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ।
ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਦੀ ਗੱਲ ਵੀ ਕਹੀ ਗਈ ਸੀ।
