ਰਾਜਪੁਰਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਦੀ ਫ਼ਸਲ ਦੀ ਖਰੀਦ, ਅਦਾਇਗੀ, ਫ਼ਸਲ ਦੀ ਲਿਫਟਿੰਗ ਅਤੇ ਸ਼ੈਲਰਾਂ ਵਿੱਚ ਜਗ੍ਹਾ ਦੀ ਸਮੱਸਿਆ ਸਮੇਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਫ਼ਸਲਾਂ ਦੇ ਝਾੜ ਵਿੱਚ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਮੁਤਾਬਕ ਝੋਨੇ ਦਾ ਝਾੜ ਸ਼ਾਨਦਾਰ ਹੈ ਅਤੇ ਬਾਸਮਤੀ ਦੀ ਫ਼ਸਲ ਲਈ ਵੀ ਕਿਸਾਨਾਂ ਨੂੰ ਵਧੀਆ ਭਾਅ ਮਿਲ ਰਿਹਾ ਹੈ।
ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਦਾ ਭਰੋਸਾ
CM ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਲਈ ਇੰਤਜ਼ਾਰ ਨਾ ਕਰਨਾ ਪਵੇ, ਇਸ ਲਈ 24 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਪਹੁੰਚਾਏ ਜਾ ਰਹੇ ਹਨ।
ਲਿਫਟਿੰਗ ਅਤੇ ਸ਼ੈਲਰਾਂ ਦੀ ਸਮੱਸਿਆ ਹੱਲ ਕਰਨ ਲਈ ਯਤਨ ਜਾਰੀ
ਮੁੱਖ ਮੰਤਰੀ ਨੇ ਮੰਨਿਆ ਕਿ ਝੋਨੇ ਦੀ ਲਿਫਟਿੰਗ ਅਤੇ ਸ਼ੈਲਰਾਂ ਵਿੱਚ ਸਟੋਰੇਜ ਲਈ ਲੋੜੀਂਦੀ ਜਗ੍ਹਾ ਦਾ ਮੁੱਦਾ ਅਹਿਮ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ। ਉਨ੍ਹਾਂ ਅਨੁਸਾਰ ਝੋਨੇ ਦੀ ਢੋਆ-ਢੁਆਈ ਤੇਜ਼ ਕਰਨ ਲਈ ਰੋਜ਼ਾਨਾ ਵਿਸ਼ੇਸ਼ ਰੇਲਗੱਡੀਆਂ ਵੀ ਚਲਾਈਆਂ ਜਾ ਰਹੀਆਂ ਹਨ।
ਕਿਸਾਨਾਂ ਅਤੇ ਮੰਡੀ ਨਾਲ ਜੁੜੇ ਵਰਗਾਂ ਦੀ ਦੀਵਾਲੀ ਖੁਸ਼ੀਆਂ ਭਰੀ ਹੋਣ ਦੀ ਉਮੀਦ
CM ਮਾਨ ਨੇ ਉਮੀਦ ਜਤਾਈ ਕਿ ਪ੍ਰਮਾਤਮਾ ਦੀ ਮਿਹਰ ਨਾਲ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ, ਸ਼ੈਲਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਜ਼ਦੂਰਾਂ ਲਈ ਵੀ ਦੀਵਾਲੀ ਖੁਸ਼ੀਆਂ ਲੈ ਕੇ ਆਵੇਗੀ।
ਮੁੱਖ ਮੰਤਰੀ ਨੇ ਇਹ ਗੱਲਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀਆਂ ਕਰਦਿਆਂ ਕਿਹਾ ਕਿ ਸਰਕਾਰ ਦਾ ਧਿਆਨ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਉਨ੍ਹਾਂ ਦੀ ਫ਼ਸਲ ਦਾ ਮੁੱਲ ਦਿਵਾਉਣ ‘ਤੇ ਹੈ
