ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨ ਲਈ 100 ਨਵੀਆਂ ਮਿੰਨੀ ਬੱਸਾਂ ਸ਼ੁਰੂ: ਮੁੱਖ ਮੰਤਰੀ ਮਾਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਪੀਆਰਟੀਸੀ ਦੇ ਬੇੜੇ ਵਿੱਚ 100 ਨਵੀਆਂ ਮਿੰਨੀ ਬੱਸਾਂ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬੱਸ ਸੇਵਾ ਰਾਹੀਂ ਸ਼ਹਿਰਾਂ ਨਾਲ ਜੋੜਨਾ ਹੈ, ਤਾਂ ਜੋ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਆਵਾਜਾਈ ਦੀਆਂ ਬਿਹਤਰ ਸਹੂਲਤਾਂ ਮਿਲ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਹਨ, ਉਸੇ ਤਰ੍ਹਾਂ ਸੂਬੇ ਦੇ ਹਰ ਪਿੰਡ ਤੱਕ ਬੱਸ ਸੇਵਾ ਪਹੁੰਚਾਉਣ ਲਈ ਵੀ ਵਚਨਬੱਧ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿੰਡਾਂ ਤੋਂ ਸ਼ਹਿਰਾਂ ਵੱਲ ਜਾਣ ਵਾਲੀਆਂ ਬੱਸ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਕਿਹਾ ਕਿ ਨਵੀਆਂ ਮਿੰਨੀ ਬੱਸਾਂ ਨਾਲ ਪੇਂਡੂ ਖੇਤਰਾਂ ਦੀ ਆਵਾਜਾਈ ਵਿਵਸਥਾ ਮਜ਼ਬੂਤ ਹੋਵੇਗੀ ਅਤੇ ਲੋਕਾਂ ਲਈ ਸਿੱਖਿਆ, ਰੋਜ਼ਗਾਰ, ਸਿਹਤ ਸੇਵਾਵਾਂ ਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਪਹੁੰਚ ਆਸਾਨ ਬਣੇਗੀ।

ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਜਨਤਕ ਆਵਾਜਾਈ ਨੂੰ ਹੋਰ ਬਿਹਤਰ ਬਣਾਉਣ ਲਈ ਅਗਲੇ ਮਹੀਨੇ ਪੀਆਰਟੀਸੀ ਦੇ ਬੇੜੇ ਵਿੱਚ 309 ਹੋਰ ਵੱਡੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 29 ਸੀਟਾਂ ਵਾਲੀਆਂ 100 ਮਿੰਨੀ ਬੱਸਾਂ ਦੀ ਸ਼ੁਰੂਆਤ ਨਾਲ ਲਗਭਗ 150 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਮੌਕੇ ਟਰਾਂਸਪੋਰਟ ਵਿਭਾਗ ਵਿੱਚ ਨੌਕਰੀਆਂ ਹਾਸਲ ਕਰਨ ਵਾਲੇ 15 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਨਵੀਆਂ ਬੱਸਾਂ ਖ਼ਾਸ ਤੌਰ ‘ਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ, ਜਿਸ ਨਾਲ ਪੇਂਡੂ ਵਸਨੀਕਾਂ ਦਾ ਰੋਜ਼ਾਨਾ ਸਫ਼ਰ ਵਧੇਰੇ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।