ਗੁਜਰਾਤ ਦੇ ਏਕਤਾ ਨਗਰ ਵਿੱਚ ਸਰਦਾਰ ਵੱਲਭਭਾਈ ਪਟੇਲ ਦੀ 151ਵੀਂ ਜਯੰਤੀ ਮੌਕੇ ਰਾਸ਼ਟਰੀ ਏਕਤਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਏਕਤਾ ਪਰੇਡ ਵਿੱਚ ਸ਼ਿਰਕਤ ਕੀਤੀ ਅਤੇ ਪਰੇਡ ਦੀ ਸਲਾਮੀ ਲਈ। ਸਮਾਗਮ ਵਿੱਚ ਐਂਟੀ-ਨਕਸਲ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸੁਰੱਖਿਆ ਬਲਾਂ, ਡੌਗ ਸਕੁਐਡ ਅਤੇ 5,000 ਤੋਂ ਵੱਧ ਕਲਾਕਾਰਾਂ ਨੇ ਆਪਣੀ ਭਾਗੀਦਾਰੀ ਦਰਜ ਕਰਵਾਈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਰਾਸ਼ਟਰੀ ਸੁਰੱਖਿਆ ਪ੍ਰਤੀ ਹਮੇਸ਼ਾ ਸੁਚੇਤ ਅਤੇ ਜਾਗਰੂਕ ਰਹਿਣ ਦਾ ਸੰਕਲਪ ਵੀ ਦਿਵਾਇਆ।
ਭਾਰਤ ਅੱਜ ਪਹਿਲਾਂ ਨਾਲੋਂ ਵੱਧ ਸੁਰੱਖਿਅਤ ਅਤੇ ਮਜ਼ਬੂਤ: PM ਮੋਦੀ
ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਭਾਰਤ ਪਹਿਲਾਂ ਦੇ ਮੁਕਾਬਲੇ ਵਧੇਰੇ ਸੁਰੱਖਿਅਤ ਅਤੇ ਮਜ਼ਬੂਤ ਇਰਾਦਿਆਂ ਵਾਲਾ ਦੇਸ਼ ਬਣ ਚੁੱਕਾ ਹੈ। ਇਸ ਦਾ ਮੁੱਖ ਆਧਾਰ ਦੇਸ਼ ਵਾਸੀਆਂ ਦਾ ਵਧਿਆ ਹੋਇਆ ਆਤਮਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ਵਾਸ ਦੇਸ਼ ਦੀਆਂ ਪ੍ਰਾਪਤੀਆਂ ਅਤੇ ਸਰਕਾਰ ਤੇ ਪ੍ਰਸ਼ਾਸਨ ਦੀ ਸੰਵੇਦਨਸ਼ੀਲ ਕਾਰਜਸ਼ੈਲੀ ਤੋਂ ਪੈਦਾ ਹੋਇਆ ਹੈ।
ਗਰੀਬੀ ਦੇ ਮੁੱਦੇ ‘ਤੇ ਵਿਰੋਧੀਆਂ ਨੂੰ ਘੇਰਦਿਆਂ PM ਮੋਦੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ ਗਰੀਬੀ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ ਅਤੇ ਇਸ ਮੁੱਦੇ ਨੂੰ ਚੋਣਾਂ ਵਿੱਚ ਵੋਟਾਂ ਹਾਸਲ ਕਰਨ ਲਈ ਵਰਤਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਗਰੀਬੀ ਹਟਾਉਣ ਦੇ ਨਾਅਰੇ ਦੇਣ ਵਾਲੇ ਆਗੂ ਖੁਦ ਅਮੀਰ ਹੁੰਦੇ ਗਏ, ਜਦਕਿ ਗਰੀਬੀ ਦਾ ਮੁੱਦਾ ਲੰਬੇ ਸਮੇਂ ਤੱਕ ਬਣਿਆ ਰਿਹਾ।
ਵਿਰੋਧੀ ਧਿਰ ਦੀ ਭੂਮਿਕਾ ‘ਤੇ ਵੀ ਚੁੱਕੇ ਸਵਾਲ
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੌਰਾਨ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਅਤੇ ਭੂਮਿਕਾ ‘ਤੇ ਵੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਸਰਦਾਰ ਵੱਲਭਭਾਈ ਪਟੇਲ ਅਤੇ ਡਾ. ਬਾਬਾ ਸਾਹਿਬ ਅੰਬੇਡਕਰ ਵਰਗੀਆਂ ਮਹਾਨ ਸ਼ਖ਼ਸੀਅਤਾਂ ਨੇ ਸੰਵਿਧਾਨ ਦੀ ਰਚਨਾ ਸਮੇਂ ਸੱਤਾ ਪੱਖ ਅਤੇ ਵਿਰੋਧੀ ਧਿਰ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਿਆ ਸੀ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦਾ ਕੰਮ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਉਠਾਉਣਾ ਅਤੇ ਲੋੜ ਪੈਣ ‘ਤੇ ਉਨ੍ਹਾਂ ਦਾ ਵਿਰੋਧ ਕਰਨਾ ਹੈ। ਹਾਲਾਂਕਿ, ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਵਿਰੋਧੀ ਧਿਰ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਦੇਸ਼ ਦੇ ਵਿਕਾਸ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰ ਰਹੀ ਹੈ। PM ਮੋਦੀ ਨੇ ਕਿਹਾ ਕਿ ਸਰਕਾਰ ਦਾ ਵਿਰੋਧ ਕਰਨਾ ਅਤੇ ਵਿਕਾਸ ਕਾਰਜਾਂ ਵਿੱਚ ਅੜਿੱਕੇ ਪਾਉਣਾ ਦੋ ਵੱਖ-ਵੱਖ ਗੱਲਾਂ ਹਨ। ਉਨ੍ਹਾਂ ਸਾਰਿਆਂ ਨੂੰ ਸੰਵਿਧਾਨਕ ਮਰਿਆਦਾਵਾਂ ਦਾ ਸਨਮਾਨ ਕਰਨ ਦੀ ਅਪੀਲ ਕੀਤੀ।
ਸਟੈਚੂ ਆਫ ਯੂਨਿਟੀ ਵਿਖੇ ਸਰਦਾਰ ਪਟੇਲ ਨੂੰ ਭੇਟ ਕੀਤੀ ਸ਼ਰਧਾਂਜਲੀ
ਰਾਸ਼ਟਰੀ ਏਕਤਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਏਕਤਾ ਨਗਰ ਪਹੁੰਚੇ, ਜਿੱਥੇ ਉਨ੍ਹਾਂ ਨੇ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ‘ਸਟੈਚੂ ਆਫ ਯੂਨਿਟੀ’ ਵਿਖੇ ਸਰਦਾਰ ਵੱਲਭਭਾਈ ਪਟੇਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਪ੍ਰਧਾਨ ਮੰਤਰੀ ਨੇ ਏਕਤਾ ਨਗਰ ਨੂੰ 400 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਵੀ ਦਿੱਤੀ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਸੈਲਾਨੀਆਂ ਲਈ ਸਹੂਲਤਾਂ ਨੂੰ ਬਿਹਤਰ ਬਣਾਉਣ ਨਾਲ ਜੁੜੇ ਕਈ ਅਹਿਮ ਕੰਮ ਸ਼ਾਮਲ ਹਨ।
ਸਰਦਾਰ ਪਟੇਲ ਦਾ ਜੀਵਨ ਦੇਸ਼ ਲਈ ਪ੍ਰੇਰਣਾ: PM ਮੋਦੀ
ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਰਾਸ਼ਟਰੀ ਏਕੀਕਰਨ ਅਤੇ ਦੇਸ਼ ਦੇ ਨਿਰਮਾਣ ਵਿੱਚ ਸਰਦਾਰ ਵੱਲਭਭਾਈ ਪਟੇਲ ਦੇ ਅਹਿਮ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਨੇ ਇੱਕ ਮਜ਼ਬੂਤ, ਖੁਸ਼ਹਾਲ ਅਤੇ ਸਮਰੱਥ ਭਾਰਤ ਦੇ ਨਿਰਮਾਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ ਸੀ।
PM ਮੋਦੀ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਸਰਦਾਰ ਪਟੇਲ ਵੱਲੋਂ ਕੀਤੇ ਗਏ ਯਤਨ ਅਤੇ ਉਨ੍ਹਾਂ ਦੇ ਵਿਚਾਰ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਉਨ੍ਹਾਂ ਰਾਸ਼ਟਰੀ ਏਕਤਾ, ਸੁਰੱਖਿਆ ਅਤੇ ਦੇਸ਼ ਨਿਰਮਾਣ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ।
