ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਪਹਿਲਾਂ ਅੱਜ ਦਿੱਲੀ ਵਿੱਚ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਇਸ ਮੀਟਿੰਗ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਸੰਭਾਵੀ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਏ ਹਨ। ਮੀਟਿੰਗ ਦੀ ਪ੍ਰਧਾਨਗੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਇਸ ਮੀਟਿੰਗ ਦੌਰਾਨ ਕਈ ਅਹਿਮ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰੇਗੀ।
ਸੂਤਰਾਂ ਮੁਤਾਬਕ, ਦੂਜੀ ਸੂਚੀ ਵਿੱਚ ਕੁਝ ਕੈਬਨਿਟ ਮੰਤਰੀਆਂ, ਮੌਜੂਦਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਥਾਂ ਮਿਲ ਸਕਦੀ ਹੈ। ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਉਨ੍ਹਾਂ ਦੀ ਜਿੱਤਣ ਦੀ ਸੰਭਾਵਨਾ, ਸਥਾਨਕ ਸਿਆਸੀ ਸਮੀਕਰਨਾਂ ਅਤੇ ਪਾਰਟੀ ਦੀ ਚੋਣ ਰਣਨੀਤੀ ਨੂੰ ਮੁੱਖ ਆਧਾਰ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ‘ਆਪ’ ਨੇ 31 ਅਕਤੂਬਰ ਨੂੰ 40 ਵਿਧਾਨ ਸਭਾ ਹਲਕਿਆਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਕਈ ਮੌਜੂਦਾ ਵਿਧਾਇਕਾਂ ਅਤੇ ਸੀਨੀਅਰ ਪਾਰਟੀ ਆਗੂਆਂ ਨੂੰ ਮੁੜ ਮੌਕਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੂੰ ਧੂਰੀ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਕੋਟਕਪੂਰਾ ਤੋਂ ਉਮੀਦਵਾਰ ਐਲਾਨਿਆ ਗਿਆ ਸੀ।
ਪਹਿਲੀ ਸੂਚੀ ਦੇ ਐਲਾਨ ਤੋਂ ਬਾਅਦ ਪਾਰਟੀ ਨੂੰ ਸਿਆਸੀ ਝਟਕਾ ਵੀ ਲੱਗਿਆ ਸੀ। ਤਿੰਨ ਮੌਜੂਦਾ ਵਿਧਾਇਕਾਂ ਨੇ ਪਾਰਟੀ ਛੱਡ ਦਿੱਤੀ ਸੀ। ਇਨ੍ਹਾਂ ਵਿੱਚ ਸਨੌਰ ਤੋਂ ਹਰਮੀਤ ਸਿੰਘ ਪਠਾਣਮਾਜਰਾ, ਸਮਾਣਾ ਤੋਂ ਚੇਤਨ ਸਿੰਘ ਜੌੜਾਮਾਜਰਾ ਅਤੇ ਅੰਮ੍ਰਿਤਸਰ ਉੱਤਰੀ ਤੋਂ ਸਾਬਕਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਸਨ। ਬਾਅਦ ਵਿੱਚ ਇਹ ਆਗੂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਸਬੰਧਤ ਅਸਤੀਫ਼ੇ ਪ੍ਰਵਾਨ ਹੋਣ ਤੋਂ ਬਾਅਦ ਸਮਾਣਾ, ਸਨੌਰ ਅਤੇ ਅੰਮ੍ਰਿਤਸਰ ਉੱਤਰੀ ਦੀਆਂ ਵਿਧਾਨ ਸਭਾ ਸੀਟਾਂ ਖ਼ਾਲੀ ਹੋ ਗਈਆਂ ਸਨ।
ਪਾਰਟੀ ਵੱਲੋਂ ਚੋਣਾਂ ਤੋਂ ਕਾਫ਼ੀ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਦੀ ਰਣਨੀਤੀ ਨੂੰ ਸੰਗਠਨ ਮਜ਼ਬੂਤ ਕਰਨ ਅਤੇ ਚੋਣ ਪ੍ਰਚਾਰ ਲਈ ਵਧੇਰੇ ਸਮਾਂ ਹਾਸਲ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਸਭ ਦੀਆਂ ਨਜ਼ਰਾਂ PAC ਦੀ ਅੱਜ ਹੋਣ ਵਾਲੀ ਮੀਟਿੰਗ ‘ਤੇ ਟਿਕੀਆਂ ਹਨ, ਜਿਸ ਤੋਂ ਬਾਅਦ ‘ਆਪ’ ਦੀ ਦੂਜੀ ਉਮੀਦਵਾਰ ਸੂਚੀ ਬਾਰੇ ਤਸਵੀਰ ਹੋਰ ਸਪੱਸ਼ਟ ਹੋ ਸਕਦੀ ਹੈ।
