SIR 2027 ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਕੁੱਲ 4,59,987 ਵੋਟਰ ਦਰਜ - Punjab Nation TV

SIR 2027 ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ, ਕੁੱਲ 4,59,987 ਵੋਟਰ ਦਰਜ

ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.)-2027 ਤਹਿਤ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ‘ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ 12 ਨਵੰਬਰ 2026 ਨੂੰ ਕਰ ਦਿੱਤੀ ਗਈ ਹੈ। ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ 046-ਬੰਗਾ, 047-ਨਵਾਂ ਸ਼ਹਿਰ ਅਤੇ 048-ਬਲਾਚੌਰ ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਵਿਅਕਤੀ 12 ਨਵੰਬਰ ਤੋਂ 11 ਦਸੰਬਰ 2026 ਤੱਕ ਵੋਟਰ ਸੂਚੀ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਦੇ ਹਨ। ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7 ਅਤੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਦਰੁਸਤੀ ਜਾਂ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਇਹ ਫਾਰਮ ਸਬੰਧਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਰਾਹੀਂ ਜਾਂ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼.) ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਰਾਹੀਂ ਆਨਲਾਈਨ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ 11 ਦਸੰਬਰ 2026 ਤੱਕ ਪ੍ਰਾਪਤ ਹੋਣ ਵਾਲੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 4 ਜਨਵਰੀ 2027 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁੱਢਲੀ ਪ੍ਰਕਾਸ਼ਨਾ ਅਨੁਸਾਰ ਵਿਧਾਨ ਸਭਾ ਹਲਕਾ 046-ਬੰਗਾ ਵਿੱਚ 1,50,670, ਹਲਕਾ 047-ਨਵਾਂ ਸ਼ਹਿਰ ਵਿੱਚ 1,60,578 ਅਤੇ ਹਲਕਾ 048-ਬਲਾਚੌਰ ਵਿੱਚ 1,48,739 ਵੋਟਰ ਦਰਜ ਹਨ। ਇਸ ਤਰ੍ਹਾਂ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 4,59,987 ਵੋਟਰ ਹਨ।

ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਯੋਗ ਨਾਗਰਿਕਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਜਾਂ ਜਿਨ੍ਹਾਂ ਨੇ ਵੋਟਰ ਸੂਚੀ ਵਿੱਚ ਕਿਸੇ ਤਰ੍ਹਾਂ ਦੀ ਦਰੁਸਤੀ ਜਾਂ ਤਬਦੀਲੀ ਕਰਵਾਉਣੀ ਹੈ, ਉਹ ਨਿਰਧਾਰਤ ਸਮੇਂ ਦੌਰਾਨ ਆਪਣੇ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।