Breaking News
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਬੰਗਾ ਵਿੱਚ 59,421 ਲਾਭਪਾਤਰੀ ਰਜਿਸਟਰ

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹਲਕਾ ਬੰਗਾ ਵਿੱਚ 59,421 ਲਾਭਪਾਤਰੀ ਰਜਿਸਟਰ

ਬੰਗਾ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਕਮਿਊਨਿਟੀ ਹਾਲ, ਹੱਪੋਵਾਲ ਵਿਖੇ ਆਂਗਨਵਾੜੀ ਵਰਕਰਾਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਪਰਸਨ, ਦਲਿਤ ਵਿਕਾਸ ਬੋਰਡ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੰਗਾ ਸ੍ਰੀ ਸੋਹਣ ਲਾਲ ਢੰਡਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀ ਪੂਰਨ ਪੰਕਜ ਸ਼ਰਮਾ ਨੇ ਯੋਜਨਾ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਬੰਗਾ ਵਿੱਚ ਹੁਣ ਤੱਕ 59,421 ਲਾਭਪਾਤਰੀਆਂ ਨੂੰ ਇਸ ਯੋਜਨਾ ਤਹਿਤ ਰਜਿਸਟਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 57 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਅਦਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਬੰਗਾ ਵਿੱਚ ਇਹ ਯੋਜਨਾ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਆਂਗਨਵਾੜੀ ਵਰਕਰਾਂ ਵੱਲੋਂ ਇਸ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਯੋਜਨਾ ਤਹਿਤ ਕੀਤੇ ਗਏ ਪ੍ਰਬੰਧਾਂ ਅਨੁਸਾਰ ਆਂਗਨਵਾੜੀ ਵਰਕਰਾਂ ਦੀ ਬਣਦੀ ਪ੍ਰੋਤਸਾਹਨ ਰਾਸ਼ੀ ਜਲਦ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

ਇਸ ਮੌਕੇ ਸੋਹਣ ਲਾਲ ਢੰਡਾ ਨੇ ਯੋਜਨਾ ਦੀ ਪ੍ਰਗਤੀ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਵਿੱਚ ਆਂਗਨਵਾੜੀ ਵਰਕਰਾਂ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਵੱਲੋਂ ਨਿਭਾਈ ਗਈ ਜ਼ਿੰਮੇਵਾਰੀ ਅਤੇ ਕੀਤੀ ਗਈ ਮਿਹਨਤ ਦੂਜਿਆਂ ਲਈ ਮਿਸਾਲ ਹੈ। ਉਨ੍ਹਾਂ ਆਂਗਨਵਾੜੀ ਵਰਕਰਾਂ ਨੂੰ ਭਵਿੱਖ ਵਿੱਚ ਵੀ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਲਾਭਪਾਤਰੀ ਨੂੰ ਯੋਜਨਾ ਨਾਲ ਜੋੜਨ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਯਤਨ ਜਾਰੀ ਰੱਖਣ ਦੀ ਅਪੀਲ ਕੀਤੀ।

ਇਸ ਦੌਰਾਨ ਯੋਜਨਾ ਤਹਿਤ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਂਗਨਵਾੜੀ ਵਰਕਰਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਯੋਜਨਾ ਦੇ ਯੋਗ ਲਾਭਪਾਤਰੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।