
ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦੀ PM ਮੋਦੀ ਨਾਲ ਅਹਿਮ ਮੁਲਾਕਾਤ
ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਦੀਆਂ ਚਰਚਾਵਾਂ ਤੇਜ਼ ਹੋਣ ਦੇ ਦਰਮਿਆਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਵਿਚਾਲੇ ਹੋਈ ਇਸ ਇਕੱਲੇ ਬੈਠਕ ਨੂੰ ਸਿਆਸੀ ਨਜ਼ਰੀਏ ਤੋਂ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ
ਮਿਲੀ ਜਾਣਕਾਰੀ ਮੁਤਾਬਕ, ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਸਾਹਮਣੇ ਪੰਜਾਬ ਦੇ ਕਈ ਅਹਿਮ ਅਤੇ ਗੰਭੀਰ ਮੁੱਦੇ ਉਠਾਏ। ਖ਼ਾਸ ਤੌਰ ‘ਤੇ ਸੂਬੇ ਵਿੱਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਅਤੇ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਅਤੇ ਭਾਜਪਾ ਵੱਲੋਂ ਸਹਿਯੋਗ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਮੁਲਾਕਾਤ ਨੇ ਵਧਾਈ ਸਿਆਸੀ ਦਿਲਚਸਪੀ
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਸਿਆਸੀ ਸਾਂਝ ਬਣਨ ਦੀਆਂ ਚਰਚਾਵਾਂ ਜ਼ੋਰ ਫੜ ਰਹੀਆਂ ਹਨ।
ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਦੋਵੇਂ ਪਾਰਟੀਆਂ ਗੱਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਰਗਰਮ ਹਨ। ਇਸੇ ਕੜੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਵਿਚਾਲੇ ਮੀਟਿੰਗਾਂ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।
ਫਿਲਹਾਲ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਛਿੜ ਗਈਆਂ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਕੀ ਆਉਣ ਵਾਲੇ ਦਿਨਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਨੂੰ ਲੈ ਕੇ ਕੋਈ ਵੱਡਾ ਸਿਆਸੀ ਫੈਸਲਾ ਸਾਹਮਣੇ ਆਉਂਦਾ ਹੈ ਜਾਂ ਨਹੀਂ



