
ਬਰਨਾਲਾ ‘ਚ ਵਪਾਰੀਆਂ ਨਾਲ ਰੂ-ਬ-ਰੂ ਹੋਏ ਪਰਗਟ ਸਿੰਘ
ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ, ਕਿਹਾ- ਪੰਜਾਬ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹਨ ਵਪਾਰੀ; ਸਰਕਾਰ ਬਣਨ ‘ਤੇ ਮਿਲਣਗੀਆਂ ਵੱਡੀਆਂ ਸਹੂਲਤਾਂ
ਬਰਨਾਲਾ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਅੱਜ ਬਰਨਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਵਪਾਰੀ ਵਰਗ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੀਟਿੰਗ ਵਿੱਚ ਬਰਨਾਲਾ ਤੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਕਾਂਗਰਸੀ ਆਗੂ ਮੁਹੰਮਦ ਸਦੀਕ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਜੁੜੀਆਂ ਵੱਖ-ਵੱਖ ਸਮੱਸਿਆਵਾਂ ਪਰਗਟ ਸਿੰਘ ਦੇ ਸਾਹਮਣੇ ਰੱਖੀਆਂ।
ਵਪਾਰੀ ਪੰਜਾਬ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ: ਪਰਗਟ ਸਿੰਘ
ਵਪਾਰੀਆਂ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਜੇਕਰ 2027 ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਦੀ ਹੈ ਤਾਂ ਵਪਾਰੀ ਵਰਗ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਵਪਾਰੀਆਂ ਨੂੰ ਪੰਜਾਬ ਕੈਬਨਿਟ ਵਿੱਚ ਵੀ ਵੱਡੀ ਜ਼ਿੰਮੇਵਾਰੀ ਦੇਣ ਦਾ ਵਾਅਦਾ ਕੀਤਾ।
ਵਪਾਰੀਆਂ ਨੂੰ ਨਾਲ ਲੈ ਕੇ ਚੱਲਣ ਦਾ ਦਿੱਤਾ ਭਰੋਸਾ
ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਵਪਾਰੀਆਂ ਦੀ ਭਾਗੀਦਾਰੀ ਬੇਹੱਦ ਜ਼ਰੂਰੀ ਹੈ। ਮੀਟਿੰਗ ਦੌਰਾਨ ਉਨ੍ਹਾਂ ਵਪਾਰੀ ਵਰਗ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਭਵਿੱਖ ਦੀਆਂ ਨੀਤੀਆਂ ਵਿੱਚ ਤਰਜੀਹ ਦਿੱਤੀ ਜਾਵੇਗੀ।



