
ਫਾਜ਼ਿਲਕਾ ‘ਚ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ! ਟਵੈਰਾ ਤੇ ਪਿਕਅੱਪ ਦੀ ਭਿਆਨਕ ਟੱਕਰ, 3 ਬੱਚਿਆਂ ਸਮੇਤ 5 ਦੀ ਮੌਤ
ਫਾਜ਼ਿਲਕਾ: ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵਿਆਹ ਸਮਾਗਮ ਦੀਆਂ ਖੁਸ਼ੀਆਂ ਉਸ ਸਮੇਂ ਚੀਕ-ਚਿਹਾੜੇ ਅਤੇ ਮਾਤਮ ਵਿੱਚ ਬਦਲ ਗਈਆਂ, ਜਦੋਂ ਬਾਰਾਤ ਤੋਂ ਵਾਪਸ ਪਰਤ ਰਹੀ ਟਵੈਰਾ ਗੱਡੀ ਦੀ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਪਿਕਅੱਪ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਸਮੇਤ ਕੁੱਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਹੋਰ ਲੋਕ ਜ਼ਖਮੀ ਹੋ ਗਏ।
ਕਰਨੀ ਖੇੜਾ ਤੋਂ ਵਾਪਸ ਆ ਰਹੀ ਸੀ ਬਾਰਾਤ
ਮਿਲੀ ਜਾਣਕਾਰੀ ਅਨੁਸਾਰ, ਜਲਾਲਾਬਾਦ ਨੇੜਲੇ ਪਿੰਡ ਵੱਡਾ ਟਿਵਾਣਾ ਤੋਂ ਬਾਰਾਤ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਆਈ ਹੋਈ ਸੀ। ਵਿਆਹ ਸਮਾਗਮ ਤੋਂ ਬਾਅਦ ਬਾਰਾਤੀ ਟਵੈਰਾ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਹੇ ਸਨ। ਇਸੇ ਦੌਰਾਨ ਰਸਤੇ ਵਿੱਚ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ।
ਟੱਕਰ ਇੰਨੀ ਭਿਆਨਕ ਸੀ ਕਿ ਟਵੈਰਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ
ਤਿੰਨ ਮਾਸੂਮ ਬੱਚਿਆਂ ਸਮੇਤ 5 ਦੀ ਮੌਤ, 8 ਜ਼ਖਮੀ
ਹਾਦਸੇ ਦੀ ਸੂਚਨਾ ਮਿਲਦੇ ਹੀ ਜ਼ਖਮੀਆਂ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਟਰੌਮਾ ਸੈਂਟਰ ਵਿਖੇ ਪਹੁੰਚਾਇਆ ਗਿਆ। ਡਾਕਟਰਾਂ ਮੁਤਾਬਕ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ 5 ਲੋਕਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਵਿੱਚ ਇੱਕ ਔਰਤ, ਇੱਕ ਪੁਰਸ਼ ਅਤੇ ਤਿੰਨ ਛੋਟੇ ਬੱਚੇ ਸ਼ਾਮਲ ਹਨ।
ਉੱਧਰ, ਹਾਦਸੇ ਵਿੱਚ ਜ਼ਖਮੀ ਹੋਏ 6 ਪੁਰਸ਼ਾਂ ਅਤੇ 2 ਔਰਤਾਂ ਸਮੇਤ ਕੁੱਲ 8 ਲੋਕਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲ
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਸਰਕਾਰੀ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਦਾ ਹਾਲ-ਚਾਲ ਜਾਣਿਆ ਅਤੇ ਇਲਾਜ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਫਿਲਹਾਲ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉੱਥੇ ਹੀ ਡਾਕਟਰਾਂ ਦੀ ਟੀਮ ਜ਼ਖਮੀਆਂ ਦੇ ਇਲਾਜ ਵਿੱਚ ਜੁਟੀ ਹੋਈ ਹੈ। ਇਸ ਦਰਦਨਾਕ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਨੂੰ ਉਜਾੜ ਕੇ ਰੱਖ ਦਿੱਤਾ ਹੈ



