
ਲੋਕ ਭਲਾਈ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਛੱਡਣ ਵਿਰੋਧੀ ਪਾਰਟੀਆਂ: ਭਗਵੰਤ ਮਾਨ
ਗੁਰਦਾਸਪੁਰ/ਕਾਦੀਆਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਖ਼ਜ਼ਾਨਾ ਲੋਕਾਂ ਦੀ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ ਅਤੇ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਪੰਜਾਬੀਆਂ ਦੀ ਬਿਹਤਰੀ ’ਤੇ ਖ਼ਰਚ ਕੀਤਾ ਜਾਵੇਗਾ।
ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੋਹਲ ਅਤੇ ਕਾਦੀਆਂ ਵਿਖੇ ਕਰਵਾਈਆਂ ਗਈਆਂ ਲੋਕ ਮਿਲਣੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਖ਼ਜ਼ਾਨੇ ਭਰਨ ਨੂੰ ਪਹਿਲ ਦਿੱਤੀ। ਇਸ ਦੇ ਉਲਟ ਮੌਜੂਦਾ ਸਰਕਾਰ ਮੁਫ਼ਤ ਬਿਜਲੀ, ਨੌਜਵਾਨਾਂ ਨੂੰ ਰੁਜ਼ਗਾਰ, ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਪਿੰਡ ਸੋਹਲ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ
ਮੁੱਖ ਮੰਤਰੀ ਨੇ ਪਿੰਡ ਸੋਹਲ ਦੇ ਵਿਕਾਸ ਕਾਰਜਾਂ ਲਈ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਦੇ ਹਰ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣਾ ਹੈ।
ਲੋਕ ਮਿਲਣੀਆਂ ਦੇ ਉਦੇਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮਕਸਦ ਸਿਆਸੀ ਭਾਸ਼ਣ ਦੇਣਾ ਨਹੀਂ, ਸਗੋਂ ਲੋਕਾਂ ਵਿੱਚ ਬੈਠ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਸੰਭਵ ਹੱਲ ਮੌਕੇ ’ਤੇ ਹੀ ਕਰਨਾ ਹੈ। ਉਨ੍ਹਾਂ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
71,777 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਦੇਣ ਦਾ ਦਾਅਵਾ
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਹੁਣ ਤੱਕ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਨਿਯੁਕਤੀਆਂ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਪੱਧਰ ’ਤੇ ਰਿਸ਼ਵਤ ਜਾਂ ਭ੍ਰਿਸ਼ਟਾਚਾਰ ਨੂੰ ਥਾਂ ਨਹੀਂ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਨੌਜਵਾਨਾਂ ਦਾ ਸਰਕਾਰੀ ਨੌਕਰੀਆਂ ਪ੍ਰਤੀ ਭਰੋਸਾ ਮੁੜ ਕਾਇਮ ਕੀਤਾ ਹੈ। ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣਾ ਹੈ।
ਨਹਿਰੀ ਪਾਣੀ ਦੀ ਵਰਤੋਂ 22 ਫੀਸਦੀ ਤੋਂ ਵਧ ਕੇ 85-86 ਫੀਸਦੀ ਹੋਈ
ਖੇਤੀਬਾੜੀ ਖੇਤਰ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਪਹਿਲਾਂ ਸਿਰਫ਼ 22 ਫੀਸਦੀ ਦੇ ਕਰੀਬ ਸੀ, ਜੋ ਹੁਣ ਵਧ ਕੇ 85 ਤੋਂ 86 ਫੀਸਦੀ ਤੱਕ ਪਹੁੰਚ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਇਸ ਅੰਕੜੇ ਨੂੰ 90 ਫੀਸਦੀ ਤੱਕ ਲਿਜਾਣਾ ਹੈ, ਤਾਂ ਜੋ ਕਿਸਾਨਾਂ ਨੂੰ ਸਿੰਚਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਹੋ ਸਕੇ। ਉਨ੍ਹਾਂ ਮੁਤਾਬਕ ਨਹਿਰੀ ਸਿੰਚਾਈ ਦੇ ਪਸਾਰ ਨਾਲ ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ ਅਤੇ ਖੇਤੀਬਾੜੀ ਖੇਤਰ ਨੂੰ ਮਜ਼ਬੂਤੀ ਮਿਲ ਰਹੀ ਹੈ।
ਮੁੱਢਲੀ ਸਿੱਖਿਆ ਵਿੱਚ ਪੰਜਾਬ ਪਹਿਲੇ ਸਥਾਨ ’ਤੇ: ਮਾਨ
ਸਿੱਖਿਆ ਖੇਤਰ ਵਿੱਚ ਹੋਏ ਸੁਧਾਰਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਪਰ ਹੁਣ ਸੂਬੇ ਨੇ ਮੁੱਢਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET ਦੀ ਪ੍ਰੀਖਿਆ ਪਾਸ ਕੀਤੀ ਹੈ, ਜਦਕਿ ਸਾਲ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ।
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਅਧਿਆਪਕਾਂ ਨੂੰ ਉਨ੍ਹਾਂ ਦੀ ਪੇਸ਼ੇਵਰ ਸਮਰੱਥਾ ਵਧਾਉਣ ਲਈ ਫਿਨਲੈਂਡ, ਸਿੰਗਾਪੁਰ ਅਤੇ IIM ਵਰਗੀਆਂ ਨਾਮਵਰ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਕੂਲਜ਼ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।



