
ਗੁਰਦਾਸਪੁਰ ‘ਚ ਸ਼ੱਕੀ ਹਾਲਾਤਾਂ ‘ਚ ਪੁਲਿਸ ਮੁਲਾਜ਼ਮ ਦੀ ਮਿਲੀ ਲਾਸ਼
ਗੁਰਦਾਸਪੁਰ: ਗੁਰਦਾਸਪੁਰ ਦੇ ਨੈਸ਼ਨਲ ਹਾਈਵੇ ‘ਤੇ ਪੈਂਦੇ ਪਿੰਡ ਮਾਨ ਕੌਰ ਸਿੰਘ ਨੇੜੇ ਇੱਕ ਪੁਲਸ ਮੁਲਾਜ਼ਮ ਦੀ ਖੂਨ ਨਾਲ ਲਥਪਥ ਲਾਸ਼ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕ ਦੀ ਪਛਾਣ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਵਜੋਂ ਹੋਈ ਹੈ, ਜੋ ਪਠਾਨਕੋਟ ਵਿਖੇ ਡਿਊਟੀ ਨਿਭਾ ਰਿਹਾ ਸੀ।
ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਬੀਤੀ ਰਾਤ ਆਪਣੀ ਡਿਊਟੀ ਤੋਂ ਬਾਅਦ ਘਰ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਪਿੰਡ ਮਾਨ ਕੌਰ ਸਿੰਘ ਨੇੜੇ ਉਸ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮੁੱਢਲੀ ਜਾਣਕਾਰੀ ਮੁਤਾਬਕ ਉਸ ਦੇ ਸਿਰ ‘ਤੇ ਸੱਟ ਦੇ ਨਿਸ਼ਾਨ ਮਿਲੇ ਹਨ, ਜਦਕਿ ਉਸ ਨੂੰ ਗੋਲੀ ਮਾਰੇ ਜਾਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਪਰਿਵਾਰ ਨੇ ਲਗਾਇਆ ਕਤਲ ਦਾ ਦੋਸ਼
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਵਿਨੋਦ ਕੁਮਾਰ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਸ ਵੱਲੋਂ ਜਾਂਚ ਜਾਰੀ
ਇਸ ਸਬੰਧੀ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਸਬੰਧੀ ਸਾਰੇ ਤੱਥ ਸਾਹਮਣੇ ਆਉਣਗੇ। ਫਿਲਹਾਲ ਮ੍ਰਿਤਕ ਦੀ ਦੇਹ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੱਖੀ ਗਈ ਹੈ।
ਹੁਣ ਪੁਲਸ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਹੈੱਡ ਕਾਂਸਟੇਬਲ ਵਿਨੋਦ ਕੁਮਾਰ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਅਤੇ ਇਸ ਪਿੱਛੇ ਕੋਈ ਸਾਜ਼ਿਸ਼ ਹੈ ਜਾਂ ਨਹੀਂ।



