Bollywood
ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਜਾਨੋਂ ਮਾਰਨ ਦੀ ਧਮਕੀ

ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਜਾਨੋਂ ਮਾਰਨ ਦੀ ਧਮਕੀ

ਬਾਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੂੰ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਕੀਤੀ ਗਈ ਇੱਕ ਪੋਸਟ ਵਿੱਚ ਗੋਲਡੀ ਢਿੱਲੋਂ ਨੇ ਬੱਚਨ ਪਿਉ-ਪੁੱਤਰ ਨੂੰ ਨਿਸ਼ਾਨਾ ਬਣਾਉਂਦਿਆਂ ਧਮਕੀ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਹੈ।

ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾਕ੍ਰਮ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਮੁੰਬਈ ਵਿੱਚ ਗੋਲਡੀ ਢਿੱਲੋਂ ਦੇ ਕਥਿਤ ਸਾਥੀਆਂ ਵਿਕਾਸ ਠਾਕੁਰ ਅਤੇ ਦੀਪਕ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ

ਸੋਸ਼ਲ ਮੀਡੀਆ ਪੋਸਟ ਵਿੱਚ ਦਿੱਤੀ ਧਮਕੀ

ਗੋਲਡੀ ਢਿੱਲੋਂ ਦੇ ਨਾਂ ਨਾਲ ਸਾਹਮਣੇ ਆਈ ਪੋਸਟ ਵਿੱਚ ਅਮਿਤਾਭ ਬੱਚਨ ਅਤੇ ਅਭਿਸ਼ੇਕ ਬੱਚਨ ਨੂੰ ਧਮਕਾਉਂਦਿਆਂ ਕਿਹਾ ਗਿਆ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ, ਭਾਵੇਂ ਉਹ ਆਪਣੀ ਸੁਰੱਖਿਆ ਲਈ ਕਿੰਨੇ ਵੀ ਬੁਲੇਟਪਰੂਫ ਕੈਬਿਨ ਕਿਉਂ ਨਾ ਬਣਵਾ ਲੈਣ।

ਇਸੇ ਪੋਸਟ ਵਿੱਚ ਗੈਂਗਸਟਰ ਨੇ ਸਿੱਖ ਭਾਈਚਾਰੇ ਦੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਵੀ ਧਮਕੀ ਦਿੱਤੀ ਹੈ। ਇਸ ਕਾਰਨ ਇਹ ਮਾਮਲਾ ਹੋਰ ਵੀ ਚਰਚਾ ਵਿੱਚ ਆ ਗਿਆ ਹੈ।

ਪੁਲਿਸ ਦੀ ਕਾਰਵਾਈ ਤੋਂ ਬਾਅਦ ਸਾਹਮਣੇ ਆਈ ਪੋਸਟ

ਜ਼ਿਕਰਯੋਗ ਹੈ ਕਿ ਮੁੰਬਈ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਵੱਲੋਂ ਗੋਲਡੀ ਢਿੱਲੋਂ ਨਾਲ ਜੁੜੇ ਦੱਸੇ ਜਾ ਰਹੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਧਮਕੀ ਭਰੀ ਪੋਸਟ ਸਾਹਮਣੇ ਆਈ ਹੈ। ਹਾਲਾਂਕਿ, ਇਸ ਪੋਸਟ ਦੀ ਪ੍ਰਮਾਣਿਕਤਾ ਅਤੇ ਧਮਕੀ ਨਾਲ ਜੁੜੇ ਸਾਰੇ ਤੱਥਾਂ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।

ਬਾਲੀਵੁੱਡ ਦੀਆਂ ਦੋ ਪ੍ਰਮੁੱਖ ਹਸਤੀਆਂ ਨੂੰ ਮਿਲੀ ਇਸ ਕਥਿਤ ਧਮਕੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਇਸ ਮਾਮਲੇ ਵਿੱਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀ ਅਗਲੀ ਕਾਰਵਾਈ ‘ਤੇ ਨਜ਼ਰ ਰਹੇਗੀ