
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ 18 ਨਵੰਬਰ ਤੋਂ ਹੋਵੇਗੀ ਸ਼ੁਰੂ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਕੱਢੀ ਜਾ ਰਹੀ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਅਤੇ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਰਾਏਪੁਰ ਸਥਿਤ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਤੋਂ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਯਾਤਰਾ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਨੂੰ ਦੇਸ਼ ਭਰ ਵਿੱਚ ਪਹੁੰਚਾਉਣਾ ਹੈ। ਇਸ ਰਾਹੀਂ ਸਮਾਨਤਾ, ਭਗਤੀ, ਸਮਾਜਿਕ ਏਕਤਾ ਅਤੇ ਮਨੁੱਖਤਾ ਦਾ ਸੰਦੇਸ਼ 2 ਕਰੋੜ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਜ਼ਿਲ੍ਹਿਆਂ ਵਿੱਚੋਂ ਲੰਘੇਗੀ। ਇਸ ਦਾ ਰੂਟ ਜਲੰਧਰ ਤੋਂ ਸ਼ੁਰੂ ਹੋ ਕੇ ਹੁਸ਼ਿਆਰਪੁਰ, ਮੁਕੇਰੀਆਂ, ਪਠਾਨਕੋਟ, ਬਟਾਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਸੰਗਰੂਰ, ਲੁਧਿਆਣਾ, ਰੋਪੜ ਅਤੇ ਮੋਹਾਲੀ ਹੁੰਦਾ ਹੋਇਆ ਚੰਡੀਗੜ੍ਹ ਤੱਕ ਪਹੁੰਚੇਗਾ। ਪੰਜਾਬ ਵਿੱਚ ਪੰਜ ਦਿਨਾਂ ਦੌਰਾਨ ਯਾਤਰਾ 17 ਜ਼ਿਲ੍ਹਿਆਂ ਵਿੱਚ ਕਰੀਬ 700 ਕਿਲੋਮੀਟਰ ਦਾ ਪੈਂਡਾ ਤੈਅ ਕਰੇਗੀ।
ਕੇਵਲ ਸਿੰਘ ਢਿੱਲੋਂ ਮੁਤਾਬਕ ਇਹ ਯਾਤਰਾ ਸੱਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 46 ਸ਼ਹਿਰਾਂ ਵਿੱਚੋਂ ਗੁਜ਼ਰੇਗੀ। ਇਸ ਦੌਰਾਨ 29 ਵੱਡੇ ਸਮਾਗਮਾਂ ਤੋਂ ਇਲਾਵਾ 27 ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵੀ ਕਰਵਾਏ ਜਾਣਗੇ। ਪੰਜਾਬ ਤੋਂ ਬਾਅਦ ਯਾਤਰਾ ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ ਅਤੇ ਦਿੱਲੀ ਤੋਂ ਹੁੰਦੀ ਹੋਈ ਉੱਤਰ ਪ੍ਰਦੇਸ਼ ਵਿੱਚ ਦਾਖ਼ਲ ਹੋਵੇਗੀ।
ਯਾਤਰਾ ਦਾ ਸਮਾਪਨ 3 ਦਸੰਬਰ ਨੂੰ ਵਾਰਾਣਸੀ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਹੋਵੇਗਾ।
ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਗੇਜਾ ਰਾਮ ਵਾਲਮੀਕਿ, ਸੁਸ਼ੀਲ ਰਿੰਕੂ, ਜਨਰਲ ਸਕੱਤਰ ਰਜਨੀਸ਼ ਧੀਮਾਨ, ਪੰਜਾਬ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ, ਐੱਸ.ਐੱਸ. ਚੰਨੀ ਅਤੇ ਐੱਸ.ਆਰ. ਲੱਧੜ ਸਮੇਤ ਹੋਰ ਆਗੂ ਮੌਜੂਦ ਸਨ।



