Breaking News
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਚਾਰ ਦਿਨ ਸੰਘਣੀ ਧੁੰਦ ਦਾ ਯੈਲੋ ਅਲਰਟ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਚਾਰ ਦਿਨ ਸੰਘਣੀ ਧੁੰਦ ਦਾ ਯੈਲੋ ਅਲਰਟ

ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਆਉਣ ਵਾਲੇ ਚਾਰ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 17 ਤੋਂ 20 ਨਵੰਬਰ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਖ਼ਾਸ ਤੌਰ ’ਤੇ ਸਵੇਰ ਅਤੇ ਰਾਤ ਦੇ ਸਮੇਂ ਦਿਸਣਯੋਗਤਾ ਘਟਣ ਦੀ ਚਿਤਾਵਨੀ ਦਿੱਤੀ ਹੈ। ਇਸ ਕਾਰਨ ਵਾਹਨ ਚਾਲਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਸ ਦੌਰਾਨ ਸੋਮਵਾਰ ਨੂੰ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 27.8 ਡਿਗਰੀ ਸੈਲਸੀਅਸ ਰਿਹਾ, ਜੋ ਪਿਛਲੇ ਦਿਨ ਦੇ ਮੁਕਾਬਲੇ 2.7 ਡਿਗਰੀ ਘੱਟ ਸੀ। ਹਾਲਾਂਕਿ ਇਹ ਆਮ ਨਾਲੋਂ 0.6 ਡਿਗਰੀ ਵੱਧ ਦਰਜ ਕੀਤਾ ਗਿਆ। ਉੱਥੇ ਹੀ ਘੱਟੋ-ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਰਿਹਾ, ਜੋ ਪਿਛਲੇ ਦਿਨ ਨਾਲੋਂ 1.4 ਡਿਗਰੀ ਘੱਟ ਪਰ ਆਮ ਨਾਲੋਂ 2.2 ਡਿਗਰੀ ਵੱਧ ਸੀ।

ਮੁਹਾਲੀ ਵਿੱਚ ਵੀ ਤਾਪਮਾਨ ਵਿੱਚ ਕਮੀ ਦੇਖਣ ਨੂੰ ਮਿਲੀ। ਇੱਥੇ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇੱਕ ਦਿਨ ਪਹਿਲਾਂ ਦੇ ਮੁਕਾਬਲੇ 2.2 ਡਿਗਰੀ ਘੱਟ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ 14.2 ਡਿਗਰੀ ਸੈਲਸੀਅਸ ਰਿਹਾ, ਜਿਸ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਐਤਵਾਰ ਤੱਕ ਮੌਸਮ ਰਹੇਗਾ ਖੁਸ਼ਕ

ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਅਗਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਕਿਸੇ ਵੱਡੇ ਬਦਲਾਅ ਦੀ ਉਮੀਦ ਨਹੀਂ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਐਤਵਾਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਵਿੱਚ ਮੰਗਲਵਾਰ ਤੋਂ ਸ਼ਨਿਚਰਵਾਰ ਤੱਕ ਵੱਧ ਤੋਂ ਵੱਧ ਤਾਪਮਾਨ 27 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ ਮੰਗਲਵਾਰ ਅਤੇ ਬੁੱਧਵਾਰ ਨੂੰ 14 ਡਿਗਰੀ, ਵੀਰਵਾਰ ਅਤੇ ਸ਼ੁੱਕਰਵਾਰ ਨੂੰ 15 ਡਿਗਰੀ, ਜਦਕਿ ਸ਼ਨੀਵਾਰ ਨੂੰ ਘਟ ਕੇ 12 ਡਿਗਰੀ ਸੈਲਸੀਅਸ ਤੱਕ ਪਹੁੰਚਣ ਦਾ ਅਨੁਮਾਨ ਹੈ।