
ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ: ਸਰਦਾਰ ਪਰਗਟ ਸਿੰਘ
ਪਠਾਨਕੋਟ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਸਰਕਾਰਾਂ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਪੰਜਾਬ ਨੂੰ ਜੰਗਲਰਾਜ ਵੱਲ ਧੱਕ ਦਿੱਤਾ ਹੈ। ਪੰਜਾਬ ਦੀ ਅਮਨ-ਸ਼ਾਂਤੀ, ਸਮਾਜਿਕ ਏਕਤਾ ਅਤੇ ਫਿਰਕੂ ਭਾਈਚਾਰਕ ਸਾਂਝ ਲਈ ਵੱਡਾ ਖ਼ਤਰਾ ਬਣ ਰਹੀ ਹੈ। ਪੰਜਾਬ ਦਾ ਇਤਿਹਾਸ ਕੁਰਬਾਨੀਆਂ, ਆਪਸੀ ਸਦਭਾਵਨਾ ਅਤੇ ਸਾਂਝੀ ਵਿਰਾਸਤ ਦਾ ਇਤਿਹਾਸ ਹੈ। ਧਰਮ, ਜਾਤ ਅਤੇ ਭਾਈਚਾਰੇ ਦੇ ਨਾਂ ’ਤੇ ਸਮਾਜ ਨੂੰ ਵੰਡਣ ਵਾਲੀ ਰਾਜਨੀਤੀ ਪੰਜਾਬ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਪਠਾਨਕੋਟ ਦੇ ਡੇਰਾ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਆਮ ਲੋਕਾਂ ਦੇ ਮਨਾਂ ਵਿੱਚੋਂ ਸੁਰੱਖਿਆ ਦੀ ਭਾਵਨਾ ਖ਼ਤਮ ਹੁੰਦੀ ਜਾ ਰਹੀ ਹੈ। ਅੱਜ ਹਾਲਾਤ ਇਹ ਹਨ ਕਿ ਸ਼ਾਮ ਸਮੇਂ ਘਰੋਂ ਬਾਹਰ ਨਿਕਲਣ ਵਾਲਾ ਵਿਅਕਤੀ ਵੀ ਸੁਰੱਖਿਅਤ ਵਾਪਸ ਪਰਤਣ ਨੂੰ ਲੈ ਕੇ ਚਿੰਤਤ ਰਹਿੰਦਾ ਹੈ। ਪੰਜਾਬ ਅਤੇ ਖ਼ਾਸ ਕਰਕੇ ਪਠਾਨਕੋਟ ਵਰਗੇ ਸੰਵੇਦਨਸ਼ੀਲ ਸਰਹੱਦੀ ਇਲਾਕਿਆਂ ਵਿੱਚ ਵਿਗੜ ਰਹੇ ਹਾਲਾਤ ਸਰਕਾਰ ਦੀ ਨਾਕਾਮੀ ਨੂੰ ਉਜਾਗਰ ਕਰਦੇ ਹਨ।
ਅੰਤ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਲੋਕਾਂ ਨੂੰ ਡਰਾਉਣ ਦੀ ਬਜਾਏ ਸੁਰੱਖਿਆ ਦੇਵੇ, ਨਫ਼ਰਤ ਫੈਲਾਉਣ ਦੀ ਬਜਾਏ ਭਾਈਚਾਰਕ ਸਾਂਝ ਮਜ਼ਬੂਤ ਕਰੇ ਅਤੇ ਝੂਠੇ ਦਾਅਵਿਆਂ ਦੀ ਬਜਾਏ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਵੇ। ਕਾਂਗਰਸ ਪਾਰਟੀ ਪੰਜਾਬ ਦੇ ਲੋਕਤੰਤਰੀ ਅਧਿਕਾਰਾਂ, ਆਰਥਿਕ ਹਿੱਤਾਂ, ਅਮਨ-ਸ਼ਾਂਤੀ ਅਤੇ ਸਾਂਝੀ ਵਿਰਾਸਤ ਦੀ ਰੱਖਿਆ ਲਈ ਪੂਰੀ ਮਜ਼ਬੂਤੀ ਨਾਲ ਸੰਘਰਸ਼ ਕਰਦੀ ਰਹੇਗੀ।
ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਵਿਧਾਇਕ ਅਤੇ ਪ੍ਰਦੇਸ਼ ਕਾਂਗਰਸ ਦੇ ਖਜ਼ਾਨਚੀ ਅਮਿਤ ਵਿਜ, ਵਿਧਾਇਕ ਨਰੇਸ਼ ਪੁਰੀ, ਸਾਬਕਾ ਵਿਧਾਇਕ ਜੋਗਿੰਦਰ ਪਾਲ, ਪਠਾਨਕੋਟ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਅਤੇ ਟੀਨਾ ਚੌਧਰੀ ਸਮੇਤ ਹੋਰ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ



