
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਾਨੂੰਨ ’ਤੇ ਅੱਜ ਅੰਮ੍ਰਿਤਸਰ ’ਚ ਅਹਿਮ ਮੀਟਿੰਗ, ਸੋਧਾਂ ਨੂੰ ਲੈ ਕੇ ਹੋਵੇਗੀ ਵੱਡੀ ਚਰਚਾ
- ਪੰਜਾਬ ਸਰਕਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈਆਂ ਕਮੇਟੀਆਂ ਹੋਣਗੀਆਂ ਆਹਮੋ-ਸਾਹਮਣੇ, ਵਿਚਾਰ-ਵਟਾਂਦਰੇ ਤੋਂ ਬਾਅਦ ਆਪਸੀ ਸਹਿਮਤੀ ਨਾਲ ਲਿਆ ਜਾਵੇਗਾ ਅਗਲਾ ਫੈਸਲਾ
ਅੰਮ੍ਰਿਤਸਰ: ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਤਾਲਮੇਲ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਬਣਾਈ ਗਈ ਕਮੇਟੀ ਦੇ ਨੁਮਾਇੰਦੇ ਸ਼ਾਮਲ ਹੋਣਗੇ।
ਮਿਲੀ ਜਾਣਕਾਰੀ ਅਨੁਸਾਰ, ਮੀਟਿੰਗ ਦੌਰਾਨ ਸਤਿਕਾਰ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ, ਇਸ ਦੀਆਂ ਵਿਵਸਥਾਵਾਂ ਅਤੇ ਪ੍ਰਸਤਾਵਿਤ ਸੋਧਾਂ ਬਾਰੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ। ਦੋਵਾਂ ਧਿਰਾਂ ਵੱਲੋਂ ਆਪਣੇ ਵਿਚਾਰ ਅਤੇ ਸੁਝਾਅ ਪੇਸ਼ ਕੀਤੇ ਜਾਣਗੇ।
ਆਪਸੀ ਸਹਿਮਤੀ ਨਾਲ ਤੈਅ ਹੋਵੇਗੀ ਅਗਲੀ ਰਣਨੀਤੀ
ਇਸ ਮੀਟਿੰਗ ਦਾ ਮੁੱਖ ਮਕਸਦ ਐਕਟ ਸਬੰਧੀ ਉੱਠੇ ਮੁੱਦਿਆਂ ’ਤੇ ਸਾਂਝੀ ਸਮਝ ਬਣਾਉਣਾ ਅਤੇ ਵਿਚਾਰ-ਵਟਾਂਦਰੇ ਰਾਹੀਂ ਸਹਿਮਤੀ ਵਾਲਾ ਰਾਹ ਲੱਭਣਾ ਹੈ। ਦੋਵਾਂ ਕਮੇਟੀਆਂ ਵਿਚਾਲੇ ਹੋਣ ਵਾਲੀ ਚਰਚਾ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਅਗਲਾ ਫੈਸਲਾ ਆਪਸੀ ਸਹਿਮਤੀ ਨਾਲ ਲਿਆ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਜੁੜਿਆ ਇਹ ਮਾਮਲਾ ਧਾਰਮਿਕ ਅਤੇ ਸਮਾਜਿਕ ਪੱਖੋਂ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਇਸ ਲਈ ਅੱਜ ਦੀ ਮੀਟਿੰਗ ’ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਹੋਵੇਗਾ ਕਿ ਦੋਵਾਂ ਕਮੇਟੀਆਂ ਵਿਚਾਲੇ ਹੋਣ ਵਾਲੀ ਗੱਲਬਾਤ ਤੋਂ ਕੀ ਨਤੀਜਾ ਨਿਕਲਦਾ ਹੈ ਅਤੇ ਅੱਗੇ ਕਿਹੜਾ ਰਾਹ ਅਖਤਿਆਰ ਕੀਤਾ ਜਾਂਦਾ ਹੈ



