
Delhi Airport : ਬਿਨਾਂ ਟਿਕਟ ਤੇ ਦਸਤਾਵੇਜ਼ਾਂ ਦੇ ਟਰਮੀਨਲ-3 ‘ਚ ਜ਼ਬਰਦਸਤੀ ਦਾਖ਼ਲ ਹੋਇਆ ਵਿਅਕਤੀ, CISF ਨੇ ਦਬੋਚਿਆ
ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਅਹਿਮ ਅਤੇ ਅਤਿ-ਸੰਵੇਦਨਸ਼ੀਲ ਹਵਾਈ ਅੱਡਿਆਂ ਵਿੱਚ ਸ਼ਾਮਲ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI Airport) ‘ਤੇ ਸੁਰੱਖਿਆ ਵਿੱਚ ਸੰਨ੍ਹ ਲਾਉਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਨੂੰ ਇੱਕ ਵਿਅਕਤੀ ਨੇ ਬਿਨਾਂ ਕਿਸੇ ਜਾਇਜ਼ ਯਾਤਰਾ ਦਸਤਾਵੇਜ਼ ਦੇ ਏਅਰਪੋਰਟ ਦੇ ਟਰਮੀਨਲ-3 ਵਿੱਚ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਉੱਥੇ ਤਾਇਨਾਤ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਨੂੰ ਕਾਬੂ ਕਰ ਲਿਆ।
CISF ਵੱਲੋਂ ਇਸ ਘਟਨਾ ਦੀ 25 ਸਕਿੰਟ ਦੀ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀ ਕੀਤੀ ਗਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਐਂਟਰੀ ਗੇਟ ‘ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਅੰਦਰ ਜਾਣ ਦੀ ਕੋਸ਼ਿਸ਼ ਕਰਦਾ ਹੈ। ਸੁਰੱਖਿਆ ਕਰਮਚਾਰੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ, ਪਰ ਉਹ ਜ਼ਬਰਦਸਤੀ ਅੱਗੇ ਵਧ ਜਾਂਦਾ ਹੈ।
ਇਸ ਦੌਰਾਨ ਇੱਕ ਹਥਿਆਰਬੰਦ CISF ਜਵਾਨ ਵੀ ਮੌਕੇ ‘ਤੇ ਪਹੁੰਚਦਾ ਹੈ ਅਤੇ ਆਪਣੇ ਸਾਥੀ ਦੀ ਮਦਦ ਨਾਲ ਉਸ ਵਿਅਕਤੀ ਨੂੰ ਕਾਬੂ ਕਰ ਲੈਂਦਾ ਹੈ। ਕੁਝ ਹੀ ਸਕਿੰਟਾਂ ਵਿੱਚ ਤੁਰੰਤ ਕਾਰਵਾਈ ਕਰਕੇ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਟਰਮੀਨਲ ਦੇ ਅੰਦਰ ਹੋਰ ਅੱਗੇ ਜਾਣ ਤੋਂ ਰੋਕ ਦਿੱਤਾ।
ਦੁਪਹਿਰ 3 ਵਜੇ ਵਾਪਰੀ ਘਟਨਾ
ਅਧਿਕਾਰੀਆਂ ਮੁਤਾਬਕ ਇਹ ਘਟਨਾ ਬੁੱਧਵਾਰ ਦੁਪਹਿਰ ਕਰੀਬ 3 ਵਜੇ ਟਰਮੀਨਲ-3 ਦੇ ਡਿਪਾਰਚਰ ਗੇਟ ‘ਤੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਫੜਿਆ ਗਿਆ ਵਿਅਕਤੀ ਹਰਿਆਣਾ ਦਾ ਰਹਿਣ ਵਾਲਾ ਹੈ। ਉਸ ਨੂੰ ਪੁੱਛਗਿੱਛ ਲਈ ਦਿੱਲੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
CISF ਨੇ ਦੱਸਿਆ ਕਿ ਤੁਰੰਤ ਮੌਕੇ ‘ਤੇ ਪਹੁੰਚੀ ਕੁਇੱਕ ਰਿਸਪਾਂਸ ਟੀਮ (QRT) ਦੀ ਮਦਦ ਨਾਲ ਵਿਅਕਤੀ ਨੂੰ ਕੁਝ ਸਕਿੰਟਾਂ ਵਿੱਚ ਹੀ ਕਾਬੂ ਕਰ ਲਿਆ ਗਿਆ। ਇਸ ਤਰ੍ਹਾਂ ਬਿਨਾਂ ਇਜਾਜ਼ਤ ਏਅਰਪੋਰਟ ਦੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਸੰਭਾਵਿਤ ਸੁਰੱਖਿਆ ਖ਼ਤਰੇ ਨੂੰ ਟਾਲ ਦਿੱਤਾ ਗਿਆ।
ਬੈਗ ਵਿੱਚੋਂ ਮਿਲੇ ਪਛਾਣ ਪੱਤਰ ਅਤੇ ਸਰਟੀਫਿਕੇਟ
ਸੁਰੱਖਿਆ ਕਰਮਚਾਰੀਆਂ ਵੱਲੋਂ ਫੜੇ ਗਏ ਵਿਅਕਤੀ ਦੇ ਬੈਗ ਦੀ ਜਾਂਚ ਦੌਰਾਨ ਕੁਝ ਪਛਾਣ ਪੱਤਰ ਅਤੇ ਵਿਦਿਅਕ ਸਰਟੀਫਿਕੇਟ ਵੀ ਬਰਾਮਦ ਹੋਏ ਹਨ। ਫਿਲਹਾਲ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਸ ਨੇ ਬਿਨਾਂ ਜ਼ਰੂਰੀ ਦਸਤਾਵੇਜ਼ਾਂ ਦੇ ਏਅਰਪੋਰਟ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਿਉਂ ਕੀਤੀ।
ਜ਼ਿਕਰਯੋਗ ਹੈ ਕਿ ਦਿੱਲੀ ਦੇ IGI ਏਅਰਪੋਰਟ ‘ਤੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰੀ ਆਉਂਦੇ-ਜਾਂਦੇ ਹਨ। ਟਰਮੀਨਲ ਵਿੱਚ ਦਾਖ਼ਲੇ ਲਈ ਯਾਤਰੀਆਂ ਨੂੰ CISF ਦੇ ਜਵਾਨਾਂ ਕੋਲ ਆਪਣਾ ਜਾਇਜ਼ ਯਾਤਰਾ ਦਸਤਾਵੇਜ਼ ਅਤੇ ਪਛਾਣ ਪੱਤਰ ਦਿਖਾਉਣਾ ਲਾਜ਼ਮੀ ਹੁੰਦਾ ਹੈ। ਇਸੇ ਤਰ੍ਹਾਂ ਏਅਰਪੋਰਟ ਕਰਮਚਾਰੀਆਂ ਲਈ ਵੀ ਆਪਣਾ ਪਛਾਣ ਪੱਤਰ ਦਿਖਾਉਣਾ ਜ਼ਰੂਰੀ ਹੈ।
ਇਸ ਅਤਿ-ਸੰਵੇਦਨਸ਼ੀਲ ਹਵਾਈ ਅੱਡੇ ਦੀ ਸੁਰੱਖਿਆ ਦੀ ਜ਼ਿੰਮੇਵਾਰੀ CISF ਕੋਲ ਹੈ, ਜਿੱਥੇ ਅੱਤਵਾਦ ਵਿਰੋਧੀ ਸੁਰੱਖਿਆ ਪ੍ਰਬੰਧਾਂ ਤਹਿਤ ਹਥਿਆਰਬੰਦ ਜਵਾਨ ਤਾਇਨਾਤ ਰਹਿੰਦੇ ਹਨ।



