
ASI ਇਕਬਾਲ ਸਿੰਘ ਕਤਲ ਕੇਸ ’ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ, ਮੁੱਖ ਮੁਲਜ਼ਮ ਹੈਪੀ ਬਾਹਮਣ ਜ਼ੀਰਕਪੁਰ ਤੋਂ ਗ੍ਰਿਫ਼ਤਾਰ
ਪੁਲਿਸ ਮੁਕਾਬਲੇ ਦੌਰਾਨ ਮੁਲਜ਼ਮ ਜ਼ਖ਼ਮੀ, ਇੱਕ ਮਹਿਲਾ ਸਾਥੀ ਵੀ ਪੁਲਿਸ ਨੇ ਕੀਤਾ ਕਾਬੂ
ਚੰਡੀਗੜ੍ਹ : ਪੰਜਾਬ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ASI ਇਕਬਾਲ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਟਾਸਕ ਫੋਰਸ ਨੇ ਇਸ ਮਾਮਲੇ ਦੇ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਬਾਹਮਣ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕਾਰਵਾਈ ਦੌਰਾਨ ਇੱਕ ਮਹਿਲਾ ਸਾਥੀ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ।
ਜਾਣਕਾਰੀ ਅਨੁਸਾਰ, ਕਾਊਂਟਰ ਇੰਟੈਲੀਜੈਂਸ ਵਿੰਗ ਫਿਰੋਜ਼ਪੁਰ ਵਿੱਚ ਤਾਇਨਾਤ ਏਐੱਸਆਈ ਇਕਬਾਲ ਸਿੰਘ ਦੀ 11 ਅਕਤੂਬਰ 2026 ਨੂੰ ਤਰਨਤਾਰਨ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ।
AGTF ਦੀਆਂ ਟੀਮਾਂ ਨੇ ਤਕਨੀਕੀ ਸਾਧਨਾਂ ਅਤੇ ਮਨੁੱਖੀ ਖੁਫੀਆ ਜਾਣਕਾਰੀ ਦੀ ਮਦਦ ਨਾਲ ਮੁਲਜ਼ਮ ਦੀਆਂ ਸਰਗਰਮੀਆਂ ’ਤੇ ਨਜ਼ਰ ਰੱਖੀ। ਜਾਂਚ ਦੌਰਾਨ ਉਸ ਦੀਆਂ ਗਤੀਵਿਧੀਆਂ ਚੰਡੀਗੜ੍ਹ, ਦਿੱਲੀ ਅਤੇ ਜੈਪੁਰ (ਰਾਜਸਥਾਨ) ਤੱਕ ਟਰੇਸ ਕੀਤੀਆਂ ਗਈਆਂ। ਆਖ਼ਰਕਾਰ ਪੁਲਿਸ ਟੀਮਾਂ ਨੇ ਉਸ ਨੂੰ ਜ਼ੀਰਕਪੁਰ ਵਿੱਚ ਲੱਭ ਲਿਆ।
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਗੋਲੀਬਾਰੀ ਵੀ ਹੋਈ, ਜਿਸ ਵਿੱਚ ਮੁਲਜ਼ਮ ਹੈਪੀ ਬਾਹਮਣ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਉਸ ਦੀ ਮਹਿਲਾ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ।
ਪੁਲਿਸ ਵੱਲੋਂ ਹੁਣ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦਾ ਮੁੱਖ ਮਕਸਦ ਕਤਲ ਦੀ ਵਾਰਦਾਤ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਭੂਮਿਕਾ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਨਾ ਹੈ



