
ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਏਅਰਪੋਰਟ ਪਹੁੰਚੇ, ਦਾਦੀ ਦੇ ਅੰਤਿਮ ਸਸਕਾਰ ‘ਚ ਹੋਣਗੇ ਸ਼ਾਮਲ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਅੰਮ੍ਰਿਤਸਰ ਏਅਰਪੋਰਟ ਲੈ ਕੇ ਪਹੁੰਚ ਗਈ ਹੈ। ਅੱਜ ਉਨ੍ਹਾਂ ਦੀ ਦਾਦੀ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਕੀਤਾ ਜਾਣਾ ਹੈ। ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਦੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸਿਰਫ਼ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਪਿੰਡ ਪਹੁੰਚਣ ਤੋਂ ਪਹਿਲਾਂ ਹੀ ਜੱਲੂਪੁਰ ਖੇੜਾ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੂਰੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਜੱਦੀ ਘਰ ਲਿਜਾਇਆ ਜਾਵੇਗਾ, ਜਿੱਥੋਂ ਦਾਦੀ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਟਰਾਲੀ ਰਾਹੀਂ ਸ਼ਮਸ਼ਾਨਘਾਟ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਦੇ ਵਕੀਲ ਮੁਤਾਬਕ ਅੰਮ੍ਰਿਤਪਾਲ ਸਿੰਘ ਵੀ ਉਸੇ ਟਰਾਲੀ ਵਿੱਚ ਸਵਾਰ ਹੋ ਕੇ ਅੰਤਿਮ ਸਸਕਾਰ ਵਾਲੀ ਥਾਂ ਤੱਕ ਜਾਣਗੇ।
ਅਦਾਲਤ ਵੱਲੋਂ ਤੈਅ ਕੀਤੇ ਗਏ ਸਮੇਂ ਅਨੁਸਾਰ ਅੰਮ੍ਰਿਤਪਾਲ ਸਿੰਘ ਦੁਪਹਿਰ 12 ਤੋਂ 3 ਵਜੇ ਤੱਕ ਹੀ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਸਕਣਗੇ। ਇਸ ਮੌਕੇ ਪਿੰਡ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।



