
ਬਿਹਾਰ ਦੇ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣ ‘ਤੇ ਭੜਕੇ ਹਰਪਾਲ ਚੀਮਾ, ਕਿਹਾ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਪੁਲ ਨਾ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ
ਚੰਡੀਗੜ੍ਹ: ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੁਪੁਰ ਛੇ ਮਾਰਗੀ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣ ਦੇ ਫ਼ੈਸਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਫ਼ੈਸਲੇ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਸ ਨੂੰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਕਰਾਰ ਦਿੱਤਾ ਹੈ।
ਹਰਪਾਲ ਚੀਮਾ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਕਿਹਾ ਕਿ ਬਿਹਾਰ ਵਿਧਾਨ ਸਭਾ ਨੂੰ ਪਹਿਲਾਂ ਜਾਣੂ ਕਰਵਾਇਆ ਗਿਆ ਸੀ ਕਿ ਇਸ ਪੁਲ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਰੱਖਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ। ਇਸ ਦੇ ਬਾਵਜੂਦ ਪੁਲ ਦਾ ਨਾਮ ‘ਨਿਤੀਸ਼ ਸੇਤੂ’ ਰੱਖਣ ਦਾ ਫ਼ੈਸਲਾ ਬੇਹੱਦ ਨਿੰਦਣਯੋਗ ਹੈ।
ਚੀਮਾ ਨੇ ਕਿਹਾ ਕਿ ਇਹ ਫ਼ੈਸਲਾ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਦਾ ਸਿਆਸੀਕਰਨ ਕਰਨ ਦੇ ਬਰਾਬਰ ਹੈ ਅਤੇ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਬਿਹਾਰ ਸਰਕਾਰ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਸਨਮਾਨ ਕਰਨਾ ਚਾਹੁੰਦੀ ਹੈ ਤਾਂ ਇਸ ਲਈ ਹੋਰ ਵੀ ਕਈ ਤਰੀਕੇ ਹੋ ਸਕਦੇ ਹਨ, ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਪੁਲ ਰੱਖਣ ਦੇ ਪ੍ਰਸਤਾਵ ਤੋਂ ਪਿੱਛੇ ਹਟਣਾ ਬੇਹੱਦ ਦੁਖਦਾਈ ਅਤੇ ਅਸਵੀਕਾਰਯੋਗ ਹੈ।
ਹਰਪਾਲ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਮੌਜੂਦਾ ਨਾਮ ਨਾਲ ਇਸ ਪੁਲ ਦਾ ਉਦਘਾਟਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ‘ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ।



