Breaking News
ਵਿਦੇਸ਼ ਜਾਣ ਦੀ ਇਜਾਜ਼ਤ ਲਈ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 23 ਨਵੰਬਰ ਤੱਕ ਟਾਲੀ ਸੁਣਵਾਈ

ਵਿਦੇਸ਼ ਜਾਣ ਦੀ ਇਜਾਜ਼ਤ ਲਈ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ 23 ਨਵੰਬਰ ਤੱਕ ਟਾਲੀ ਸੁਣਵਾਈ

ਮੁਹਾਲੀ: ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਮਿਲਣ ਸਬੰਧੀ ਫਿਲਹਾਲ ਅਦਾਲਤ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੇ ਦਸੰਬਰ ਦੇ ਅੱਧ ਤੋਂ ਜਨਵਰੀ ਦੇ ਪਹਿਲੇ ਹਫ਼ਤੇ ਤੱਕ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਹੈ। ਇਸ ਮਾਮਲੇ ਦੀ ਅੱਜ ਮੁਹਾਲੀ ਦੀ ਅਦਾਲਤ ਵਿੱਚ ਹੋਈ ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੀ ਅਰਜ਼ੀ ’ਤੇ ਇਤਰਾਜ਼ ਦਰਜ ਕਰਵਾਏ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 23 ਨਵੰਬਰ ਤੈਅ ਕੀਤੀ ਹੈ।

ਵਿਦੇਸ਼ ਯਾਤਰਾ ਦੇ ਵੇਰਵਿਆਂ ਨੂੰ ਲੈ ਕੇ ਵਿਜੀਲੈਂਸ ਨੇ ਚੁੱਕੇ ਸਵਾਲ

ਸੁਣਵਾਈ ਦੌਰਾਨ ਵਿਜੀਲੈਂਸ ਬਿਊਰੋ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਮਜੀਠੀਆ ਵੱਲੋਂ ਆਪਣੀ ਵਿਦੇਸ਼ ਯਾਤਰਾ ਸਬੰਧੀ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਖ਼ਾਸ ਤੌਰ ’ਤੇ ਵਿਦੇਸ਼ ਜਾਣ ਲਈ ਪ੍ਰਸਤਾਵਿਤ ਉਡਾਣ ਅਤੇ ਉੱਥੇ ਠਹਿਰਨ ਦੇ ਪ੍ਰਬੰਧਾਂ ਬਾਰੇ ਸਪੱਸ਼ਟ ਵੇਰਵੇ ਨਾ ਹੋਣ ’ਤੇ ਇਤਰਾਜ਼ ਜਤਾਇਆ।

ਦੂਜੇ ਪਾਸੇ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਕਿ ਵਿਦੇਸ਼ ਯਾਤਰਾ ਨਾਲ ਸਬੰਧਤ ਸਾਰੀ ਲੋੜੀਂਦੀ ਜਾਣਕਾਰੀ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਨੂੰ ਸੌਂਪੀ ਜਾ ਚੁੱਕੀ ਹੈ। ਦੋਵਾਂ ਪੱਖਾਂ ਵਿਚਾਲੇ ਹੋਈ ਬਹਿਸ ਤੋਂ ਬਾਅਦ ਅਦਾਲਤ ਨੇ ਮਾਮਲੇ ’ਤੇ ਫਿਲਹਾਲ ਕੋਈ ਫ਼ੈਸਲਾ ਨਹੀਂ ਸੁਣਾਇਆ ਅਤੇ ਸੁਣਵਾਈ 23 ਨਵੰਬਰ ਤੱਕ ਮੁਲਤਵੀ ਕਰ ਦਿੱਤੀ।

ਚਾਰਜਸ਼ੀਟ ਅਤੇ ਮੋਬਾਈਲ ਫੋਨ ਮਾਮਲੇ ਦੀ ਸੁਣਵਾਈ ਵੀ ਟਲੀ

ਇਸ ਤੋਂ ਇਲਾਵਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਾਖ਼ਲ ਚਾਰਜਸ਼ੀਟ ਨਾਲ ਸਬੰਧਤ ਸੁਣਵਾਈ ਵੀ ਅੱਗੇ ਪਾ ਦਿੱਤੀ ਗਈ ਹੈ। ਮਜੀਠੀਆ ਵੱਲੋਂ ਆਪਣਾ ਮੋਬਾਈਲ ਫੋਨ ਵਾਪਸ ਲੈਣ ਲਈ ਦਾਇਰ ਕੀਤੀ ਮੰਗ ’ਤੇ ਵੀ ਅਦਾਲਤ ਨੇ ਸੁਣਵਾਈ 30 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਹੁਣ 23 ਨਵੰਬਰ ਨੂੰ ਹੋਣ ਵਾਲੀ ਸੁਣਵਾਈ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰਾਨ ਅਦਾਲਤ ਵੱਲੋਂ ਮਜੀਠੀਆ ਦੀ ਵਿਦੇਸ਼ ਯਾਤਰਾ ਦੀ ਇਜਾਜ਼ਤ ਸਬੰਧੀ ਅਰਜ਼ੀ ’ਤੇ ਅਗਲਾ ਫ਼ੈਸਲਾ ਲਿਆ ਜਾ ਸਕਦਾ ਹੈ।