
ਜਲੰਧਰ ’ਚ ਨਸ਼ਿਆਂ ਵਿਰੁੱਧ ਗੂੰਜਿਆ ਬਾਈਕ ਰੈਲੀ ਦਾ ਨਾਅਰਾ, ਮਹਿਲਾ ਬਾਈਕਰਾਂ ਨੇ ਵੀ ਦਿਖਾਇਆ ਜੋਸ਼
ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਕੱਢੀ ਗਈ ਰੈਲੀ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਜਲੰਧਰ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ਕੱਢੀ ਗਈ। ਇਸ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਨੇ ਰੈਲੀ ਦੀ ਅਗਵਾਈ ਕੀਤੀ। ਇਸ ਵਿੱਚ ‘ਪੰਜਾਬ ਅਗੇਂਸਟ ਡਰੱਗਜ਼’ ਬਾਈਕਰਜ਼, ਆਮ ਆਦਮੀ ਪਾਰਟੀ ਦੇ ਵਲੰਟੀਅਰਾਂ, ਇਲਾਕਾ ਨਿਵਾਸੀਆਂ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਰੈਲੀ ਦੀ ਖ਼ਾਸ ਗੱਲ ਇਹ ਰਹੀ ਕਿ ਇਸ ਵਿੱਚ ਮਹਿਲਾ ਬਾਈਕਰਾਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੀ ਸ਼ਮੂਲੀਅਤ ਨੇ ਇਹ ਸੰਦੇਸ਼ ਦਿੱਤਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਿਸੇ ਇੱਕ ਵਰਗ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਭਾਗੀਦਾਰਾਂ ਨੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ, ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਨੌਜਵਾਨਾਂ ਲਈ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਯਕੀਨੀ ਬਣਾਉਣਾ ਹੈ



