Breaking News
ਹਰਚਰਨ ਸਿੰਘ ਭੁੱਲਰ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਪੰਜਾਬ ਦੇ ਸੱਤ ਸੀਨੀਅਰ ਅਧਿਕਾਰੀਆਂ ਨੂੰ ਸੰਮਨ

ਹਰਚਰਨ ਸਿੰਘ ਭੁੱਲਰ ਮਾਮਲੇ ’ਚ ਈਡੀ ਦੀ ਵੱਡੀ ਕਾਰਵਾਈ, ਪੰਜਾਬ ਦੇ ਸੱਤ ਸੀਨੀਅਰ ਅਧਿਕਾਰੀਆਂ ਨੂੰ ਸੰਮਨ

ਚੰਡੀਗੜ੍ਹ: ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਕੇਂਦਰੀ ਜਾਂਚ ਏਜੰਸੀ ਨੇ ਪੰਜਾਬ ਦੇ ਸੱਤ ਸੀਨੀਅਰ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਪੰਜ ਆਈਏਐੱਸ/ਪੀਸੀਐੱਸ ਅਤੇ ਦੋ ਆਈਪੀਐੱਸ ਅਧਿਕਾਰੀ ਸ਼ਾਮਲ ਹਨ।

ਸੀਬੀਆਈ ਵੱਲੋਂ ਦਰਜ ਮਾਮਲੇ ਦੇ ਆਧਾਰ ’ਤੇ ਈਡੀ ਪਹਿਲਾਂ ਹੀ ਮਨੀ ਲਾਂਡਰਿੰਗ ਦੇ ਪੱਖ ਤੋਂ ਜਾਂਚ ਕਰ ਰਹੀ ਹੈ। ਇਸੇ ਸਿਲਸਿਲੇ ਵਿੱਚ ਏਜੰਸੀ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਉਸ ਦੇ ਕਥਿਤ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ। ਹੁਣ ਦੋਵਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੰਜਾਬ ਦੇ ਮੌਜੂਦਾ ਅਤੇ ਸੇਵਾਮੁਕਤ ਉੱਚ ਅਧਿਕਾਰੀਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਈਡੀ ਨੇ ਸਾਰੇ ਸੱਤ ਅਧਿਕਾਰੀਆਂ ਨੂੰ ਵੱਖ-ਵੱਖ ਤਰੀਕਾਂ ’ਤੇ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਸੰਮਨ ਕੀਤੇ ਗਏ ਅਧਿਕਾਰੀਆਂ ਵਿੱਚ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਪ੍ਰਸ਼ਾਸਨਿਕ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ।

ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ ਨੂੰ ਸੋਮਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੀਸੀਐੱਸ ਅਧਿਕਾਰੀ ਆਨੰਦ ਸਾਗਰ ਸ਼ਰਮਾ ਅਤੇ ਸੇਵਾਮੁਕਤ ਅਧਿਕਾਰੀ ਅਰੁਣ ਸੇਖੜੀ ਨੂੰ ਬੁੱਧਵਾਰ ਨੂੰ ਤਲਬ ਕੀਤਾ ਗਿਆ ਹੈ।

ਇਸੇ ਤਰ੍ਹਾਂ ਜਨਰਲ ਪ੍ਰਸ਼ਾਸਨ ਵਿਭਾਗ ਦੀ ਵਿਸ਼ੇਸ਼ ਸਕੱਤਰ ਨੀਰੂ ਕਤਿਆਲ ਗੁਪਤਾ, ਸੇਵਾਮੁਕਤ ਆਈਏਐੱਸ ਅਧਿਕਾਰੀ ਗੁਰਪ੍ਰੀਤ ਸਪਰਾ ਅਤੇ ਫ਼ਾਜ਼ਿਲਕਾ ਦੇ ਐੱਸਐੱਸਪੀ ਗਗਨ ਅਜੀਤ ਸਿੰਘ ਨੂੰ ਵੀਰਵਾਰ ਨੂੰ ਈਡੀ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਜਦਕਿ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਸ਼ੁੱਕਰਵਾਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਇਸ ਕਾਰਵਾਈ ਨਾਲ ਹਰਚਰਨ ਸਿੰਘ ਭੁੱਲਰ ਮਾਮਲੇ ਵਿੱਚ ਈਡੀ ਦੀ ਜਾਂਚ ਦਾ ਦਾਇਰਾ ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਗਿਆ ਹੈ। ਹਾਲਾਂਕਿ, ਸੰਮਨ ਜਾਰੀ ਹੋਣਾ ਆਪਣੇ ਆਪ ਵਿੱਚ ਕਿਸੇ ਅਧਿਕਾਰੀ ਦੀ ਦੋਸ਼ੀ ਹੋਣ ਦੀ ਪੁਸ਼ਟੀ ਨਹੀਂ ਕਰਦਾ।