Breaking News
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਲਈ 2,339 ਸਿੱਖ ਸ਼ਰਧਾਲੂ ਪਾਕਿਸਤਾਨ ਰਵਾਨਾ, ਅਟਾਰੀ-ਵਾਹਗਾ ਸਰਹੱਦ ’ਤੇ ਹੋਇਆ ਨਿੱਘਾ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਲਈ 2,339 ਸਿੱਖ ਸ਼ਰਧਾਲੂ ਪਾਕਿਸਤਾਨ ਰਵਾਨਾ, ਅਟਾਰੀ-ਵਾਹਗਾ ਸਰਹੱਦ ’ਤੇ ਹੋਇਆ ਨਿੱਘਾ ਸਵਾਗਤ

ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਦੀ ਉੱਠੀ ਮੰਗ, ਸ੍ਰੀ ਨਨਕਾਣਾ ਸਾਹਿਬ ਵਿਖੇ 24 ਨਵੰਬਰ ਨੂੰ ਹੋਣਗੇ ਮੁੱਖ ਸਮਾਗਮ

ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 2,339 ਸਿੱਖ ਸ਼ਰਧਾਲੂਆਂ ਦਾ ਜਥਾ ਐਤਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚਿਆ। ਇਸ ਜਥੇ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕਰ ਰਹੇ ਹਨ। ਪਾਕਿਸਤਾਨ ਪਹੁੰਚਣ ’ਤੇ ਪਾਕਿਸਤਾਨ ਸਰਕਾਰ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਸਵਾਗਤ ਕੀਤਾ ਗਿਆ

ਜਾਣਕਾਰੀ ਅਨੁਸਾਰ ਕੁੱਲ 2,339 ਸ਼ਰਧਾਲੂਆਂ ਵਿੱਚੋਂ 1,882 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਹਨ। ਇਹ ਜਥਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਧਾਰਮਿਕ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ

ਰਵਾਨਗੀ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।


ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਅਤੇ ਸੇਵਾ ਦੀ ਕੀਤੀ ਅਰਦਾਸ


ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਤੋਂ ਵਿਛੜੇ ਇਤਿਹਾਸਕ ਗੁਰਧਾਮਾਂ, ਖ਼ਾਸ ਕਰਕੇ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਉੱਥੇ ਸੇਵਾ ਕਰਨ ਦੀ ਤਾਂਘ ਹਰ ਸਿੱਖ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਹੈ।

ਉਨ੍ਹਾਂ ਨੇ ਦੋਵਾਂ ਦੇਸ਼ਾਂ ਅਤੇ ਸਮੁੱਚੇ ਖਿੱਤੇ ਵਿੱਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਬਣੀ ਰਹਿਣ ਦੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਮੁੜ ਖੋਲ੍ਹਣ ਦੀ ਮੰਗ ਵੀ ਉਠਾਈ। ਉਨ੍ਹਾਂ ਕਿਹਾ ਕਿ ਦੋਵਾਂ ਪੰਜਾਬਾਂ ਦੇ ਲੋਕਾਂ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਪਿਆਰ ਨਾਲ ਜੁੜੀ ਹੋਈ ਹੈ।

ਗਿਆਨੀ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਪਾਸ ਕੀਤੇ ਮਤੇ ਦਾ ਹਵਾਲਾ ਦਿੰਦਿਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਜਾਣ ਵਾਲੇ ਸਿੱਖ ਜਥਿਆਂ ਦੀ ਗਿਣਤੀ ਵਧਾਈ ਜਾਵੇ, ਵੀਜ਼ਾ ਕੋਟਾ ਵਧਾਇਆ ਜਾਵੇ ਅਤੇ ਸ਼ਰਧਾਲੂਆਂ ਲਈ ਮੌਕੇ ’ਤੇ ਵੀਜ਼ਾ ਦੇਣ ਦੀ ਸਹੂਲਤ ਵੀ ਸ਼ੁਰੂ ਕੀਤੀ ਜਾਵੇ

ਪਾਕਿਸਤਾਨੀ ਅਧਿਕਾਰੀਆਂ ਨੇ ਕੀਤਾ ਸ਼ਰਧਾਲੂਆਂ ਦਾ ਸਵਾਗਤ


ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ’ਤੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਾ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਨੇ ਵੀਜ਼ਾ ਪ੍ਰਕਿਰਿਆ ਨੂੰ ਸੌਖਾ ਬਣਾਉਣ ਦੀ ਅਪੀਲ ਕੀਤੀ

ਪਾਕਿਸਤਾਨ ਵਿੱਚ ਸ਼ਰਧਾਲੂਆਂ ਦਾ ਸਵਾਗਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬ ਸੂਬੇ ਦੇ ਮੰਤਰੀ ਰਮੇਸ਼ ਸਿੰਘ ਅਰੋੜਾ, ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਅਤੇ ਸਕੱਤਰ ਨਾਸਿਰ ਮੁਸ਼ਤਾਕ ਵੱਲੋਂ ਕੀਤਾ ਗਿਆ। ਸ਼ਰਧਾਲੂਆਂ ਦੀ ਸੁਰੱਖਿਆ ਅਤੇ ਆਵਾਜਾਈ ਲਈ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਪਾਕਿਸਤਾਨ ਪਹੁੰਚਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਨਾਲ ਪਿਆਰ ਅਤੇ ਅਮਨ-ਸ਼ਾਂਤੀ ਦਾ ਸੁਨੇਹਾ ਲੈ ਕੇ ਆਏ ਹਨ।

ਉਨ੍ਹਾਂ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਬੰਦ ਪਏ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਨੂੰ ਮੁਰੰਮਤ ਅਤੇ ਸੰਭਾਲ ਦੇ ਕੰਮਾਂ ਤੋਂ ਬਾਅਦ ਮੁੜ ਖੋਲ੍ਹਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲਾਹੌਰ ਸਥਿਤ ਦੀਵਾਨ ਖਾਨਾ ਵੀ ਸਰਕਾਰ ਦੇ ਐਲਾਨ ਅਨੁਸਾਰ ਖੋਲ੍ਹਣ ਦੀ ਮੰਗ ਕੀਤੀ।

ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਦਿਵਸ ਮੌਕੇ ਵੀ ਸਿੱਖ ਜਥਿਆਂ ਨੂੰ ਪ੍ਰੋਟੋਕੋਲ ਤਹਿਤ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ।


24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣਗੇ ਮੁੱਖ ਸਮਾਗਮ


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਧਾਰਮਿਕ ਸਮਾਗਮ 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣਗੇ। ਇਸ ਦੌਰੇ ਦੌਰਾਨ ਸਿੱਖ ਸ਼ਰਧਾਲੂ ਕਈ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।

ਜਥਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਫ਼ਾਰੂਕਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ, ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ, ਨਾਰੋਵਾਲ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ, ਐਮਨਾਬਾਦ ਦੇ ਗੁਰਦੁਆਰਾ ਰੋੜੀ ਸਾਹਿਬ ਅਤੇ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਨਤਮਸਤਕ ਹੋਵੇਗਾ। ਇਸ ਤੋਂ ਬਾਅਦ 1 ਦਸੰਬਰ ਨੂੰ ਜਥਾ ਭਾਰਤ ਵਾਪਸ ਪਰਤੇਗਾ।