
2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 16 ਮੈਂਬਰੀ ਚੋਣ ਕਮੇਟੀ ਦਾ ਗਠਨ
ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਮਨਪ੍ਰੀਤ ਬਾਦਲ, ਰਵਨੀਤ ਬਿੱਟੂ ਅਤੇ ਪ੍ਰਨੀਤ ਕੌਰ ਸਮੇਤ ਕਈ ਵੱਡੇ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 16 ਮੈਂਬਰੀ ਸੂਬਾ ਚੋਣ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ, ਸਾਬਕਾ ਸੂਬਾ ਪ੍ਰਧਾਨਾਂ ਅਤੇ ਸੰਸਦ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਜਾਰੀ ਕੀਤੀ ਗਈ ਸੂਚੀ ਅਨੁਸਾਰ ਕਮੇਟੀ ਵਿੱਚ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਅਵਿਨਾਸ਼ ਰਾਏ ਖੰਨਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ ਅਤੇ ਸ਼ਵੇਤ ਮਲਿਕ ਨੂੰ ਜਗ੍ਹਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ।
ਰਵਨੀਤ ਬਿੱਟੂ ਅਤੇ ਪ੍ਰਨੀਤ ਕੌਰ ਸਮੇਤ ਕਈ ਦਿੱਗਜ ਆਗੂ ਸ਼ਾਮਲ
ਚੋਣ ਕਮੇਟੀ ਵਿੱਚ ਸੰਗਠਨ ਦੇ ਸੂਬਾ ਜਨਰਲ ਸਕੱਤਰ ਮੰਥਰੀ ਸ੍ਰੀਨਿਵਾਸਲੂ, ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸੂਬਾ ਸਕੱਤਰ ਮਨਜੀਤ ਸਿੰਘ ਮੰਨਾ ਅਤੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਵੀ ਕਮੇਟੀ ਵਿੱਚ ਆਪਣੀ ਭੂਮਿਕਾ ਨਿਭਾਉਣਗੇ।
ਸਤੀਸ਼ ਪੂਨੀਆ ਅਤੇ ਵੀਰੇਂਦਰ ਸਚਦੇਵਾ ਵਿਸ਼ੇਸ਼ ਸੱਦੇ ‘ਤੇ ਸ਼ਾਮਲ
ਪਾਰਟੀ ਵੱਲੋਂ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਸੂਬੇ ਦੇ ਸਹਿ-ਇੰਚਾਰਜ ਵੀਰੇਂਦਰ ਸਚਦੇਵਾ ਅਤੇ ਰਾਜ ਸਭਾ ਮੈਂਬਰ ਡਾ. ਅਲਕਾ ਗੁਰਜਰ ਨੂੰ ਵਿਸ਼ੇਸ਼ ਸੱਦੇ ਵਾਲੇ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ।
ਚੋਣ ਤਿਆਰੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰੇਗੀ ਕਮੇਟੀ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਕਮੇਟੀ ਦੇ ਗਠਨ ਦਾ ਮੁੱਖ ਉਦੇਸ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਯੋਜਨਾਬੱਧ ਢੰਗ ਨਾਲ ਅੱਗੇ ਵਧਾਉਣਾ ਅਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਪਾਰਟੀ ਦਾ ਟੀਚਾ ਪੰਜਾਬ ਨੂੰ ਸਥਿਰਤਾ ਅਤੇ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣਾ ਹੈ।
ਇਸ ਕਮੇਟੀ ਦੇ ਐਲਾਨ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਸਿਆਸੀ ਅਤੇ ਸੰਗਠਨਾਤਮਕ ਪੱਧਰ ’ਤੇ ਕੀਤੀ ਜਾ ਰਹੀ ਅਹਿਮ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।



