Breaking News
ਭਾਜਪਾ ਨੇ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰਕੇ ਸਿੱਖ ਕੌਮ ਵਿਰੁੱਧ ਕੀਤੇ ਗੁਨਾਹਾਂ ਵਿੱਚ ਭਾਈਵਾਲੀ ਕੀਤੀ: ਗਿਆਨੀ ਹਰਪ੍ਰੀਤ ਸਿੰਘ

ਭਾਜਪਾ ਨੇ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰਕੇ ਸਿੱਖ ਕੌਮ ਵਿਰੁੱਧ ਕੀਤੇ ਗੁਨਾਹਾਂ ਵਿੱਚ ਭਾਈਵਾਲੀ ਕੀਤੀ: ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁੜ ਸਿਆਸੀ ਗੱਠਜੋੜ ਤੋਂ ਬਾਅਦ ਵਿਰੋਧ ਦੇ ਸੁਰ ਵੀ ਤੇਜ਼ ਹੋਣ ਲੱਗੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਭਾਜਪਾ ਨੂੰ ਨਿਸ਼ਾਨੇ ’ਤੇ ਲਿਆ ਹੈ।

ਮੀਡੀਆ ਇੰਚਾਰਜ ਐੱਸ. ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਲਿਖਤੀ ਪ੍ਰੈੱਸ ਬਿਆਨ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਅਕਾਲੀ ਦਲ ਬਾਦਲ ਨਾਲ ਸਿਆਸੀ ਸਾਂਝ ਪਾ ਕੇ ਭਾਜਪਾ ਨੇ ਸਿੱਖ ਕੌਮ ਵਿਰੁੱਧ ਕੀਤੇ ਗਏ ਗੁਨਾਹਾਂ ਵਿੱਚ ਵੀ ਆਪਣੀ ਭਾਈਵਾਲੀ ਪਾ ਲਈ ਹੈ।

ਆਪਣੇ ਬਿਆਨ ਵਿੱਚ ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਡੇਰਾ ਸਿਰਸਾ ਮੁਖੀ ਨਾਲ ਜੁੜੇ ਵਿਵਾਦਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸੌਦਾ ਸਾਧ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਭੇਖ ਧਾਰਨ ਕਰਨ ਨਾਲ ਜੁੜੇ ਮਾਮਲੇ ਵਿੱਚ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਬਿਨਾਂ ਮੰਗੇ ਉਸ ਨੂੰ ਮੁਆਫ਼ੀ ਦਿੱਤੀ ਗਈ। ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੁਆਫ਼ੀ ਦੇ ਪ੍ਰਚਾਰ ਲਈ ਗੁਰੂ ਕੀ ਗੋਲਕ ਦਾ ਪੈਸਾ ਖਰਚਿਆ ਗਿਆ।

ਉਨ੍ਹਾਂ ਅਨੁਸਾਰ, ਇਹ ਉਹ ਮਾਮਲੇ ਹਨ ਜਿਨ੍ਹਾਂ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਸੰਗਤ ਦੇ ਇਕੱਠ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਨਾ ਹੋਣ ਅਤੇ ਚੋਰੀ ਹੋਈ ਪਾਵਨ ਬੀੜ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦੇ ਮੁੱਦੇ ਵੀ ਚੁੱਕੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਧਾਰਮਿਕ ਸਜ਼ਾ ਸੁਣਾਈ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿੱਚ ਸੁਖਬੀਰ ਸਿੰਘ ਬਾਦਲ ਆਪਣੇ ਪਹਿਲਾਂ ਕੀਤੇ ਕਬੂਲਨਾਮੇ ਤੋਂ ਮੁਕਰ ਗਏ, ਜਿਸ ਕਾਰਨ ਇਹ ਮਾਮਲੇ ਅਜੇ ਵੀ ਗੰਭੀਰ ਸਵਾਲ ਬਣੇ ਹੋਏ ਹਨ।

ਭਾਜਪਾ ਦੇ ਪੰਜਾਬ ਵਿੱਚ ਸਿਆਸੀ ਏਜੰਡੇ ’ਤੇ ਸਵਾਲ ਚੁੱਕਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੀ ਪਾਰਟੀ ਪੰਜਾਬ ਨੂੰ ਬਚਾਉਣ ਦੇ ਦਾਅਵੇ ਕਰ ਰਹੀ ਸੀ, ਉਸ ਨੇ ਅਜਿਹੇ ਸਿਆਸੀ ਧੜੇ ਨਾਲ ਗੱਠਜੋੜ ਕਰਕੇ ਆਪਣੇ ਹੀ ਦਾਅਵਿਆਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਦਿੱਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਗੱਠਜੋੜ ਦਾ ਪੰਜਾਬ ਦੀ ਸਿਆਸਤ ਵਿੱਚ ਨਕਾਰਾਤਮਕ ਅਸਰ ਪਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵਾਂ ਪਾਰਟੀਆਂ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਸਿਆਸੀ ਗੱਠਜੋੜ ਨੇ ਪੰਜਾਬ ਵਿਰੋਧੀ ਤਾਕਤਾਂ ਦੇ ਅਸਲ ਚਿਹਰੇ ਸਾਹਮਣੇ ਲਿਆ ਦਿੱਤੇ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਬਿਆਨ ਦੇ ਅੰਤ ਵਿੱਚ ਭਵਿੱਖਬਾਣੀ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਇਨ੍ਹਾਂ ਪਾਰਟੀਆਂ ਦੀ ਹਾਰ ਇੱਕ ਇਤਿਹਾਸ ਬਣੇਗੀ।