ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਗੈਂਗਸਟਰ ਮੁਖਤਾਰ ਅੰਸਾਰੀ ਨੂ ਲੈ ਕੇ ਸਿਆਸੀ ਹਲਚਲ ਮਚੀ ਹੋਈ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਉੱਤਰ ਪ੍ਰਦੇਸ਼ ਦੇ ਬਾਹੂਬਲੀ ਨੇਤਾ ਗੈਂਗਸਟਰ ਮੁਖਤਾਰ ਅੰਸਾਰੀ ਦੀ ਲਾਬਿੰਗ ‘ਤੇ 55 ਲੱਖ ਰੁਪਏ ਖਰਚ ਕਰਨ ਲਈ ਸਾਬਕਾ ਸੀਐਮ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ‘ਤੇ ਹਮਲਾ ਕਰ ਰਹੇ ਹਨ। ਹੁਣ ਸੀਐਮ ਮਾਨ ਨੇ ਕੈਪਟਨ ਅਤੇ ਰੰਧਾਵਾ ਤੋਂ ਰਿਕਵਰੀ ਦੇ ਆਦੇਸ਼ ਦੀ ਕਾਪੀ ਟਵੀਟ ਕਰਦੇ ਹੋਏ ਲਿਖਿਆ ਕਿ ਆਹ ਲੋ ਰੰਧਾਵਾ ਸਾਹਿਬ ਤੁਹਾਡਾ ‘ਅੰਸਾਰੀ’ ਨੋਟਿਸ। ਇਸ ਟਵੀਟ ਤੋਂ ਬਾਅਦ ਹਲਚਲ ਵਧ ਗਈ ਹੈ।
ਇਸ ਤੋਂ ਪਹਿਲਾਂ, ਸੀਐਮ ਮਾਨ ਨੇ ਐਤਵਾਰ ਨੂੰ ਟਵੀਟ ਕੀਤਾ ਸੀ ਕਿ ਯੂਪੀ ਦੇ ਗੈਂਗਸਟਰ ਨੂੰ ਪੰਜਾਬ ਦੀ ਜੇਲ੍ਹ ਵਿੱਚ ਰੱਖਣ ਅਤੇ ਸੁਪਰੀਮ ਕੋਰਟ ਵਿੱਚ ਉਸਦਾ ਕੇਸ ਲੜਨ ਦੀ 55 ਲੱਖ ਫੀਸ ਪੰਜਾਬ ਦੇ ਖਜ਼ਾਨੇ ਵਿੱਚੋਂ ਅਦਾ ਨਹੀਂ ਕੀਤੀ ਜਾਵੇਗੀ। ਇਹ ਪੈਸਾ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਵਸੂਲ ਕੀਤਾ ਜਾਵੇਗਾ। ਜੇਕਰ ਪੈਸੇ ਨਾ ਮਿਲੇ ਤਾਂ ਦੋਵਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਬਦਲੇ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਕੈਪਟਨ ਨੇ ਕਿਹਾ ਕਿ ਮਾਨ ‘ਚ ਹਿੰਮਤ ਹੈ ਤਾਂ ਪੈਨਸ਼ਨ ਬੰਦ ਕਰ ਦੇਵੇ। ਦੂਜੇ ਪਾਸੇ ਰੰਧਾਵਾ ਨੇ ਮੁੱਖ ਮੰਤਰੀ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਹੈ।
ਸੋਮਵਾਰ ਦੀ ਪ੍ਰੈੱਸ ਕਾਨਫਰੰਸ ‘ਚ ਪਲਟਵਾਰ ਕਰਦੇ ਹੋਏ ਰੰਧਾਵਾ ਨੇ ਮਾਨ ਦੇ ਦਾਅਵੇ ਨੂੰ ਝੂਠਾ ਦੱਸਿਆ ਅਤੇ ਕਿਹਾ ਕਿ ਮੈਨੂੰ ਨੋਟਿਸ ਭੇਜਿਆ ਜਾਵੇ, ਫਿਰ ਮੈਂ ਜਵਾਬ ਦੇਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਸੀਐਮ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ।
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਪੈਨਸ਼ਨ ਬੰਦ ਕਰ ਦੇਣ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ।
