Breaking News
21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ

21 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ

ਅੰਮ੍ਰਿਤਸਰ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੀ ਪੁਲਿਸ ਹਿਰਾਸਤ ਵਿੱਚ ਅਸਥਾਈ ਰਿਹਾਈ ਦੀ ਅਰਜ਼ੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਫ਼ੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਸਿੰਘ 21 ਨਵੰਬਰ ਨੂੰ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਸਕਣਗੇ।

ਪਰਿਵਾਰ ਵੱਲੋਂ ਵਕੀਲ ਰਿਤੁਰਾਜ ਸਿੰਘ ਰਾਹੀਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਮੰਗ ਕੀਤੀ ਗਈ ਸੀ ਕਿ ਮਾਤਾ ਚਰਨ ਕੌਰ ਦਾ ਅੰਤਿਮ ਸੰਸਕਾਰ 21 ਨਵੰਬਰ ਨੂੰ, ਅਸਥੀਆਂ ਚੁਗਣ ਦੀ ਰਸਮ 22 ਨਵੰਬਰ ਨੂੰ ਅਤੇ ਭੋਗ ਸਮਾਗਮ 23 ਨਵੰਬਰ ਨੂੰ ਰੱਖਿਆ ਗਿਆ ਹੈ। ਪਰਿਵਾਰ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਤਿੰਨਾਂ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦਾ ਆਪਣੀ ਦਾਦੀ ਨਾਲ ਕਾਫ਼ੀ ਗੂੜ੍ਹਾ ਪਿਆਰ ਅਤੇ ਸਨੇਹ ਸੀ।

ਪਰਿਵਾਰ ਨੂੰ ਚੁੱਕਣਾ ਪਵੇਗਾ ਆਉਣ-ਜਾਣ ਦਾ ਪੂਰਾ ਖ਼ਰਚ

ਅਦਾਲਤ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਸਥਿਤ ਉਸ ਦੇ ਜੱਦੀ ਪਿੰਡ ਲਿਆਉਣ ਅਤੇ ਵਾਪਸ ਲਿਜਾਣ ਦਾ ਸਾਰਾ ਖ਼ਰਚ ਪਰਿਵਾਰ ਵੱਲੋਂ ਹੀ ਚੁੱਕਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਦਾਲਤ ਵੱਲੋਂ ਅਜਿਹੀ ਹੀ ਇੱਕ ਪਟੀਸ਼ਨ ‘ਤੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਇੰਨੇ ਘੱਟ ਸਮੇਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਦੀ ਪ੍ਰਕਿਰਿਆ ਪੂਰੀ ਕਰਨਾ ਮੁਸ਼ਕਲ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਨਵੀਂ ਪਟੀਸ਼ਨ ਦਾਇਰ ਕਰਕੇ ਸਾਰੇ ਹਾਲਾਤ ਅਦਾਲਤ ਦੇ ਸਾਹਮਣੇ ਰੱਖੇ ਗਏ।

ਪਹਿਲਾਂ 14 ਨਵੰਬਰ ਨੂੰ ਮਿਲੀ ਸੀ ਅੰਤਰਿਮ ਰਿਹਾਈ

ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ 14 ਨਵੰਬਰ ਨੂੰ ਅੰਤਰਿਮ ਰਿਹਾਈ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ, ਜੋ 13 ਨਵੰਬਰ ਨੂੰ ਸੁਣਾਏ ਗਏ ਸਨ। ਪਰਿਵਾਰ ਦਾ ਕਹਿਣਾ ਸੀ ਕਿ ਇੰਨੇ ਘੱਟ ਸਮੇਂ ਵਿੱਚ ਕਾਨੂੰਨੀ ਕਾਰਵਾਈ ਪੂਰੀ ਕਰਨਾ ਅਤੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣਾ ਸੰਭਵ ਨਹੀਂ ਹੋਵੇਗਾ। ਇਸੇ ਕਾਰਨ ਪਰਿਵਾਰ ਵੱਲੋਂ ਮੁੜ ਅਦਾਲਤ ਦਾ ਰੁਖ਼ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਇਹ ਦੂਜੀ ਵਾਰ ਹੋਵੇਗਾ ਜਦੋਂ ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਬਾਹਰ ਆਉਣਗੇ। ਇਸ ਤੋਂ ਪਹਿਲਾਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਇੱਕ ਦਿਨ ਦੀ ਆਰਜ਼ੀ ਰਿਹਾਈ ਦਿੱਤੀ ਗਈ ਸੀ।