
ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਲਈ ਮੁੜ ਅਦਾਲਤ ‘ਚ ਪਟੀਸ਼ਨ, 21 ਤੋਂ 23 ਨਵੰਬਰ ਤੱਕ ਰਿਹਾਈ ਦੀ ਮੰਗ
ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਅਤੇ ਧਾਰਮਿਕ ਰਸਮਾਂ ‘ਚ ਸ਼ਾਮਲ ਹੋਣ ਲਈ ਮੰਗੀ ਤਿੰਨ ਦਿਨਾਂ ਦੀ ਜ਼ਮਾਨਤ
ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅੰਤਰਿਮ ਜ਼ਮਾਨਤ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਪਣੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਅੰਤਿਮ ਸੰਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਵੱਲੋਂ ਮੁੜ ਅਦਾਲਤ ਦਾ ਰੁਖ ਕੀਤਾ ਗਿਆ ਹੈ। ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਨਵੀਂ ਪਟੀਸ਼ਨ ਦਾਇਰ ਕਰਦਿਆਂ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਤਿੰਨ ਘੰਟਿਆਂ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਉਹ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਨਹੀਂ ਪਹੁੰਚ ਸਕੇ ਸਨ। ਜੇਲ੍ਹ ਪ੍ਰਸ਼ਾਸਨ ਨੇ ਇੰਨੇ ਘੱਟ ਸਮੇਂ ਵਿੱਚ ਉਨ੍ਹਾਂ ਨੂੰ ਪੰਜਾਬ ਲਿਆਉਣ ਲਈ ਲੋੜੀਂਦੇ ਪ੍ਰਬੰਧ ਕਰਨ ਵਿੱਚ ਅਸਮਰੱਥਾ ਪ੍ਰਗਟਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਵੱਲੋਂ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ।

21 ਤੋਂ 23 ਨਵੰਬਰ ਤੱਕ ਅੰਤਰਿਮ ਜ਼ਮਾਨਤ ਦੀ ਮੰਗ
ਨਵੀਂ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੂੰ 21 ਨਵੰਬਰ ਤੋਂ 23 ਨਵੰਬਰ ਤੱਕ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਅਨੁਸਾਰ, 21 ਨਵੰਬਰ ਨੂੰ ਦਾਦੀ ਦੇ ਅੰਤਿਮ ਸੰਸਕਾਰ, 22 ਨਵੰਬਰ ਨੂੰ ਅਸਥੀਆਂ ਚੁਗਣ ਅਤੇ 23 ਨਵੰਬਰ ਨੂੰ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਗਈ ਹੈ।
ਹੁਣ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੀ ਫੈਸਲਾ ਲਿਆ ਜਾਂਦਾ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।



