ਬਰਨਾਲਾ/ਤਪਾ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੇ ਤਪਾ ਸਥਿਤ ਮਾਲ ਦਫ਼ਤਰ ਵਿੱਚ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਦੀ ਕਥਿਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਪਿੰਡ ਭੋਤਨਾ ਦੇ ਇੱਕ ਵਸਨੀਕ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਅਮਲ ਵਿੱਚ ਲਿਆਂਦੀ ਗਈ।
ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਮੰਗੇ ਸਨ ਪੈਸੇ
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਅਨੁਸਾਰ, ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਪਟਵਾਰੀ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਦੀ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ।
ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਵਿਛਾਇਆ ਜਾਲ
ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ। ਇਸ ਕਾਰਵਾਈ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪਟਵਾਰੀ ਮਨੀਸ਼ ਕੁਮਾਰ ਨੂੰ ਸ਼ਿਕਾਇਤਕਰਤਾ ਤੋਂ 30,000 ਰੁਪਏ ਲੈਂਦਿਆਂ ਕਾਬੂ ਕਰ ਲਿਆ ਗਿਆ।
ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ
ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਵਿਜੀਲੈਂਸ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਹੈ। ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ।
