ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਮਿਲ ਰਹੀਆਂ ਧਮਕੀਆਂ ਬਾਰੇ ਗੰਭੀਰ ਚਰਚਾ ਕੀਤੀ।
ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ,
“ਐਸ.ਜੀ.ਪੀ.ਸੀ. ਪ੍ਰਧਾਨ ਨਾਲ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਹੋਇਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੀਆਂ ਧਮਕੀ ਭਰੀਆਂ ਈਮੇਲਾਂ ਦੀ ਜਾਂਚ ਜਾਰੀ ਹੈ। ਸਾਰੇ ਆਈ.ਪੀ. ਐਡਰੈੱਸ ਮਿਲ ਗਏ ਹਨ ਅਤੇ ਪੁਲਿਸ ਟੀਮ ਤੁਰੰਤ ਕਾਰਵਾਈ ਕਰ ਰਹੀ ਹੈ।”
ਉਨ੍ਹਾਂ ਨੇ ਅੱਗੇ ਕਿਹਾ ਕਿ,
“ਅਸੀਂ ਧਮਕੀਆਂ ਦੇਣ ਵਾਲੇ ਮੁੱਖ ਦੋਸ਼ੀਆਂ ਦੇ ਬਹੁਤ ਨੇੜੇ ਪਹੁੰਚ ਗਏ ਹਾਂ। ਇਹ ਇੱਕ ਉੱਚ ਸੁਰੱਖਿਆ ਮਾਮਲਾ ਹੈ, ਇਸ ਲਈ ਇਸ ਬਾਰੇ ਹੁਣ ਹੋਰ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਪਰ ਜਲਦ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।”
ਸੁਰੱਖਿਆ ਪ੍ਰਬੰਧਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਸ-ਪਾਸ ਪੰਜਾਬ ਪੁਲਿਸ ਦੇ ਕਈ ਜਵਾਨ ਸਾਦੀ ਵਰਦੀ ਵਿੱਚ ਤਾਇਨਾਤ ਹਨ, ਜੋ ਪੂਰੀ ਸੰਵੇਦਨਸ਼ੀਲਤਾ ਨਾਲ ਆਪਣਾ ਫਰਜ ਨਿਭਾ ਰਹੇ ਹਨ।
